ਮਾਨਸਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਾਨਸਾ ਜ਼ਿਲੇ ਵਿੱਚ ਤੇ ਬਠਿੰਡਾ ਜਿਲੇ ਦੇ ਵੱਡੇ ਹਿੱਸੇ ਵਿੱਚ ਨਰਮੇ ਦੀ ਖੇਤੀ ਹੁੰਦੀ ਹੈ ਅਤੇ ਪਿਛਲੇ ਕਾਫੀ ਸਮੇ ਤੋਂ ਨਰਮੇ ਦੀ ਫਸਲ ਤੇ ਕਿਸਾਨਾਂ ਨੂੰ ਪਹਿਲਾਂ ਗੁਲਾਬੀ ਸੁੰਡੀ ਦੀ ਮਾਰ ਝੱਲਣੀ ਪਈ ਤੇ ਹੁਣ ਚਿੱਟੇ ਮੱਛਰ ਦਾ ਹਮਲਾ ਹੋ ਰਿਹਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇਨਾ ਕੁਝ ਹੋਣ ਦੇ ਬਾਵਜੂਦ ਵੀ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨਰਮੇ ਦੀ ਖਰਾਬੀ ਦੇ ਮਾਮਲੇ ਤੇ 22 ਜੁਲਾਈ ਨੂੰ ਨਰਮਾ ਪੱਟੀ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰ ਤੇ ਧਰਨੇ ਦਿੱਤੇ ਜਾਣਗੇ ਅਤੇ ਜੇਕਰ ਫਿਰ ਵੀ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇ ਵਿੱਚ ਪੂਰੇ ਪੰਜਾਬ ਦੇ ਕਿਸਾਨਾਂ ਨੂੰ ਨਾਲ ਲੈ ਕੇ ਮੁੱਖਮੰਤਰੀ ਦੀ ਕੋਠੀ ਦਾ ਘਿਰਾਓ ਕਰਾਂਗੇ ਜਾਂ ਚੰਡੀਗੜ ਵੱਲ ਕੂਚ ਕਰਾਂਗੇ।
ਪੰਜਾਬ ਸਰਕਾਰ ਵਲੋਂ ਮੂੰਗੀ ਦੀ ਖਰੀਦ ਤੇ ਸ਼ਰਤਾਂ ਲਾਉਣ ਤੇ ਬੋਲਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨ ਮੂੰਗੀ ਦੀ ਕਾਸ਼ਤ ਕਰਨ ਅਤੇ ਸਰਕਾਰ ਐਮ.ਐੱਸ.ਪੀ. ਤੇ ਮੂੰਗੀ ਦੀ ਫ਼ਸਲ ਖਰੀਦੇਗੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਮੂੰਗੀ ਦੀ ਫ਼ਸਲ ਮੰਡੀਆਂ ਵਿੱਚ ਆਈ ਹੈ ਤਾਂ ਸਰਕਾਰ ਵੱਲੋਂ ਖਰੀਦ ਉੱਪਰ ਬੇਲੋੜੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੂੰਗੀ ਦੀ ਖਰੀਦ ਉੱਪਰ ਲਗਾਈਆਂ ਸ਼ਰਤਾਂ ਨੂੰ ਹਟਾ ਕੇ ਫ਼ਸਲ ਦਾ ਇਕ-ਇਕ ਦਾਣਾ ਖਰੀਦ ਕਰੇ।
ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਲਗਾਏ ਜਾਣ ਵਾਲੇ ਧਰਨੇ ਬਾਰੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪੱਤਰਕਾਰ ਨੂੰ ਇਨਸਾਫ ਦਵਾਉਣ, ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ, ਨੌਜਵਾਨਾਂ ਦੇ ਦਰਜ ਮਾਮਲੇ ਰੱਦ ਕਰਵਾਉਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਜਾਅਲੀ ਸਰਟੀਫਿਕੇਟ ਬਣਾਉਣ ਦੇ ਮਾਮਲੇ ਦਾ ਪਰਦਾਫਾਸ਼, ਇੱਕ ਵਿਅਕਤੀ ਕਾਬੂ