ਮਾਨਸਾ: ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਮਾਨਸਾ ਵਿੱਚ ਸੀਐਮ ਦਾ ਜ਼ਿਲ੍ਹਾ ਪੱਧਰੀ ਦਫਤਰ ਕਚਿਹਰੀ ਰੋਡ ’ਤੇ ਖੋਲਿਆ ਗਿਆ ਹੈ ਜਿਸਦਾ ਉਦਘਾਟਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਡਾ. ਬਲਜੀਤ ਕੌਰ ਨੇ ਕੀਤਾ। ਮਾਨਸਾ ਪਹੁੰਚਣ ’ਤੇ ਉਨ੍ਹਾਂ ਦਾ ਜ਼ਿਲ੍ਹਾ ਪੁਲਿਸ ਵੱਲੋਂ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਨਾਲ ਬੁਢਲਾਡਾ ਤੋਂ ਵਿਧਾਇਕ ਪ੍ਰਿੰ. ਬੁੱਧ ਰਾਮ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹੇ ਵੰਡੇ ਗਏ ਹਨ ਅਤੇ ਉਨ੍ਹਾਂ ਦੀ ਡਿਊਟੀ ਸਬੰਧਤ ਜ਼ਿਲ੍ਹਿਆਂ ਵਿੱਚ ਵਿਕਾਸ ਦੇ ਕੰਮਾਂ ਅਤੇ ਬਕਾਇਆ ਪਏ ਕੰਮਾਂ ਨੂੰ ਪੂਰਾ ਕਰਨ ਲਈ ਲਗਾਈ ਗਈ ਹੈ, ਜਿੰਨ੍ਹਾਂ ਨੂੰ ਪੂਰਾ ਕਰਨ ਲਈ ਅਸੀਂ ਓਥੋਂ ਦੇ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਮੁੱਖ ਮੰਤਰੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ, ਜਿੱਥੇ ਇੰਚਾਰਜ ਦੀ ਨਿਯੁਕਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਹ ਦਫ਼ਤਰ ਖੋਲ੍ਹਿਆ ਗਿਆ ਹੈ ਤਾਂ ਜੋ ਛੋਟੇ-ਛੋਟੇ ਕੰਮਾਂ ਲਈ ਆਮ ਲੋਕਾਂ ਨੂੰ ਚੰਡੀਗੜ੍ਹ ਦੇ ਗੇੜੇ ਨਾ ਲਾਉਣੇ ਪੈਣ ਅਤੇ ਉਨ੍ਹਾਂ ਦੇ ਕੰਮ ਇਸ ਦਫ਼ਤਰ ਰਾਹੀਂ ਹੋ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣ ਅਤੇ ਸਮੇਂ ਦੀ ਬੱਚਤ ਲਈ ਦਫ਼ਤਰ ਖੋਲ੍ਹਿਆ ਗਿਆ ਹੈ।
ਸਾਬਕਾ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ ’ਤੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਮਾਮਲੇ ਵਿੱਚ ਕਿਸੇ ਉੱਪਰ ਇਲਜ਼ਾਮ ਲੱਗਦੇ ਹਨ ਤਾਂ ਅਦਾਲਤ ਵੱਲੋਂ ਫੈਸਲਾ ਹੋਣ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਮਾਂ ਆਉਣ ’ਤੇ ਹੀ ਪਤਾ ਲੱਗੇਗਾ ਕਿ ਅਸਲ ਗੱਲ ਕੀ ਸੀ ਅਤੇ ਉਸ ਤੋਂ ਪਹਿਲਾਂ ਇਸ ਬਾਰੇ ਅਸੀਂ ਕੋਈ ਬਿਆਨਬਾਜ਼ੀ ਨਹੀਂ ਕਰ ਸਕਦੇ। ਅੱਜ ਦੇ ਪ੍ਰੋਗਰਾਮ ਵਿੱਚ ਡਾਕਟਰ ਵਿਜੈ ਸਿੰਗਲਾ ਨੂੰ ਨਾ ਬੁਲਾਉਣ ’ਤੇ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਮਿਲੇ ਹੁਕਮਾਂ ਅਨੁਸਾਰ ਹੀ ਅਸੀਂ ਕੰਮ ਕਰ ਰਹੇ ਹਾਂ।
ਉੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦ ਲੋਕਾਂ ਨੂੰ ਦਫਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਵਾਲੇ ਲੋੜਵੰਦ ਲੋਕਾਂ ਨੂੰ ਬਣਦਾ ਲਾਭ ਦਿੱਤਾ ਜਾਵੇਗਾ ਕਿਉਂਕਿ ਪਹਿਲਾਂ ਸਰਕਾਰਾਂ ਵੱਲੋਂ ਸਿਰਫ ਆਪਣੇ ਚਹੇਤਿਆਂ ਨੂੰ ਹੀ ਇਹ ਲਾਭ ਦਿੱਤੇ ਜਾਂਦੇ ਸਨ।
ਇਹ ਵੀ ਪੜ੍ਹੋ: ਮੁਹਾਲੀ ’ਚ ਮੁਹੱਲਾ ਕਲੀਨਿਕ ਦੇਖਣ ਪਹੁੰਚੇ ਸੀਐੱਮ ਮਾਨ, ਆਖੀ ਇਹ ਵੱਡੀ ਗੱਲ...