ਮਾਨਸਾ: ਸੂਬਾ ਸਰਕਾਰ ਜਿੱਥੇ ਇੱਕ ਪਾਸੇ ਮੰਡੀਆਂ ਚ ਕਣਕ ਦੀ ਖਰੀਦ ਨੂੰ ਲੈ ਕੇ ਲੱਖਾਂ ਦੀ ਦਾਅਵੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜੋ ਕਿ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਰਹੀ ਹੈ। ਦੱਸ ਦਈਏ ਕਿ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਪਿੰਡ ਧੀਂਗੜ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੀ ਮਦਦ ਨਾਲ ਸਿਰਸਾ ਲੁਧਿਆਣਾ ਰੋਡ ਜਾਮ ਕਰ ਪ੍ਰਦਰਸ਼ਨ ਕੀਤਾ। ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਸਰਕਾਰ ਖਿਲਾਫ ਕਰਨਗੇ ਤਿੱਖਾ ਸੰਘਰਸ਼- ਕਿਸਾਨ
ਇਸ ਸਬੰਧ ’ਚ ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਣਕ ਦੀ ਖਰੀਦ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਉੱਥੇ ਹੀ ਉਨ੍ਹਾਂ ਦੇ ਪਿੰਡਾਂ ਚ ਕੱਚੀ ਫੜੀ ਹੋਣ ਕਾਰਨ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਜ਼ਿਲ੍ਹਾ ਮਾਨਸਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਮਾਰਕੀਟ ਕਮੇਟੀ ਮੌੜ ਵਿੱਚ ਕੀਤਾ ਗਿਆ ਹੈ ਜਿਸ ਦੀ ਉਨ੍ਹਾਂ ਨੂੰ ਦੋਹਾਂ ਪਾਸੇ ਤੋਂ ਮਾਰ ਝੱਲਣੀ ਪੈ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਐਫਸੀਆਈ ਆੜ੍ਹਤੀਆਂ ਨੂੰ ਉਨ੍ਹਾਂ ਦਾ ਕਮਿਸ਼ਨ ਦੇਣ ਤੋਂ ਪਿੱਛੇ ਹਟ ਰਹੀ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ਇਹ ਧਰਨਾ ਲਗਾਇਆ ਹੈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤੇ ਖ਼ਰੀਦ ਸ਼ੁਰੂ ਨਾ ਕਰਵਾਈ ਤਾਂ ਇਸ ਸਬੰਧੀ ਤਿੱਖਾ ਸੰਘਰਸ਼ ਕਰਨਗੇ।
ਡੀਐਫਐਸਓ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ
ਦੂਜੇ ਪਾਸੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣ ਲਈ ਪਹੁੰਚੇ ਮਾਨਸਾ ਦੇ ਡੀਐਫਐਸਓ ਨੇ ਦੱਸਿਆ ਕਿ ਅੱਜ ਤੋਂ ਸਰਕਾਰੀ ਖਰੀਦ ਮੰਡੀਆਂ ਵਿੱਚ ਸ਼ੁਰੂ ਕਰਵਾ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਆੜ੍ਹਤੀ ਕਣਕ ਦੀ ਖ਼ਰੀਦ ਨਹੀਂ ਕਰਵਾਏਗਾ ਤਾਂ ਉਹ ਡੀਐਮ ਨੂੰ ਉਸ ਦਾ ਲਾਇਸੰਸ ਕੈਂਸਲ ਕਰਵਾਉਣ ਦੀ ਸਿਫਾਰਸ਼ ਕਰਨਗੇ।
ਇਹ ਵੀ ਪੜੋ: ਚੰਡੀਗੜ੍ਹ: ਬੈਂਕ ਚੋਂ 4 ਕਰੋੜ ਦੀ ਚੋਰੀ ਕਰਨ ਵਾਲਾ ਸੁਰੱਖਿਆ ਗਾਰਡ ਪੁਲਿਸ ਅੜਿੱਕੇ