ਮਾਨਸਾ: ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਗਈ ਹੈ। ਸ਼ਨੀਵਾਰ ਉਪ ਮੰਡਲ ਮੈਜਿਸਟਰੇਟ ਮਾਨਸਾ ਡਾ. ਸ਼ਿਖਾ ਭਗਤ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਈ ਕਾਰਡ ਬਣਾਉਣ ਲਈ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ ਗਿਆ।
ਉਪ ਮੰਡਲ ਮੈਜਿਸਟਰੇਟ ਨੇ ਕੈਂਪ ਵਾਲੀਆਂ ਥਾਂਵਾਂ ’ਤੇ ਕੋਵਿਡ-19 ਦੀਆਂ ਸਾਵਧਾਨੀਆਂ ਦਾ ਵਿਸ਼ੇਸ ਧਿਆਨ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਨੂੰ ਈ ਕਾਰਡ ਬਣਾਉਣ ਲਈ ਕੈਂਪਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਕੈਂਪਾਂ ਰਾਹੀ ਲਾਭਪਾਤਰੀ 10 ਮਾਰਚ ਤੱਕ ਆਪਣੇ ਈ ਕਾਰਡ ਬਣਵਾ ਸਕਦੇ ਹਨ ਜਿਸ ਲਈ ਹਰੇਕ ਪਹਿਲਾਂ ਤੋਂ ਰਜਿਸਟਰਡ ਨਾਗਰਿਕ ਨੂੰ ਪ੍ਰਤੀ ਕਾਰਡ 30 ਰੁਪਏ ਫੀਸ ਅਦਾ ਕਰਨੀ ਪਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਅਤੇ ਇੰਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਸਾਲਾਨਾ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।