ਮਾਨਸਾ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਬਣਾਏ ਜਾ ਰਹੇ ਹਨ। ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 46 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਵੀ ਬਹੁਤ ਜਲਦ ਬਣਾ ਦਿੱਤੇ ਜਾਣਗੇ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ।
ਲਾਭਪਾਤਰੀਆਂ ਦੇ 100 ਫੀਸਦੀ ਈ-ਕਾਰਡ ਬਣਾਉਣ ਲਈ 28 ਫਰਵਰੀ 2021 ਤੱਕ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ
ਇਸ ਮੌਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਤਿੰਨੋ ਸਬ-ਡਵੀਜ਼ਨਾਂ ਦੇ ਐਸਡੀਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਬੱਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਲਾਭਪਾਤਰੀਆਂ ਨੂੰ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ 100 ਫੀਸਦੀ ਈ-ਕਾਰਡ ਬਣਾਉਣ ਲਈ 28 ਫਰਵਰੀ 2021 ਤੱਕ ਇੱਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਲਾਭਪਾਤਰੀ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੇ ਈ-ਕਾਰਡ ਜ਼ਰੂਰ ਬਣਵਾਉਣ: ਡਿਪਟੀ ਕਮਿਸ਼ਨਰ
ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਮਹਿੰਦਰ ਪਾਲ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਅਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕੇ ਸਰਪੰਚ ਜਾਂ ਮਿਊਂਸਪਲ ਕੌਂਸਲਰ ਤੋਂ ਦਸਤਖ਼ਤ ਅਤੇ ਮੋਹਰ ਲੱਗਿਆ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ (ਜੇਕਰ ਉਸ ਵਿੱਚ ਪਰਿਵਾਰ ਦੀ ਜਾਣਕਾਰੀ ਹੈ) ਹੋਣਾ ਲਾਜ਼ਮੀ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਯੋਜਨਾ ਦਾ ਲਾਹਾ ਲੈਣ ਅਤੇ ਆਪਣੇ ਈ-ਕਾਰਡ ਜ਼ਰੂਰ ਬਣਵਾਉਣ।