ਮਾਨਸਾ: ਪੁਰਾਣੀ ਪੈਨਸ਼ਨ ਬਹਾਲੀ ਸਕੀਮ ਨੂੰ ਲੈ ਕੇ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਖਰੇ-ਵੱਖਰੇ ਰੂਪ ਵਿੱਚ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ 2019 ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਸਰਕਾਰ ਨੂੰ ਕਿਹਾ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਕਿਹਾ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਨਵੇਂ ਕਰਮਚਾਰੀਆਂ ਦੀ ਹਮਾਇਤ ਤੇ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਾਡਾ ਰੋਸ ਹੈ ਕਿ ਪੰਜਾਬ ਸਰਕਾਰ ਨੇ ਚੋਣ ਮੈਨੀਫੈਸਟੋ ਦੇ ਵਿੱਚ ਸਾਡੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਸੀ, ਜਿਵੇਂ ਕੱਚੇ ਮੁਲਾਜ਼ਮ ਪੱਕੇ ਕਰਨੇ ਨਵੇਂ ਕਰਮਚਾਰੀਆਂ ਦੀ ਪੈਨਸ਼ਨ ਬਹਾਲ ਕਰਨੀ ਅਤੇ ਪੁਰਾਣੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਨਾ, ਪੇ ਕਮਿਸ਼ਨ ਲਾਗੂ ਕਰਨਾ, ਬੇਸਿਕ ਕੱਟ ਕੇ ਪੂਰੀ ਤਨਖਾਹ ਦੇਣਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਅੱਜ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਕਰ ਰਹੇ ਹਾਂ ਅਤੇ ਜੇਕਰ ਸਰਕਾਰ ਨੇ ਜਲਦ ਹੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਪੰਜਾਬ ਪੱਧਰ 'ਤੇ ਹੋਰ ਵੀ ਤੇਜ਼ ਕੀਤਾ ਜਾਵੇਗਾ।
ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸਹਾਇਕ ਖ਼ਜ਼ਾਨਚੀ ਸਤਵੀਰ ਸਿੰਘ ਨੇ ਦੱਸਿਆ ਕਿ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਜੋ ਪੁਰਾਣੀ ਪੈਨਸ਼ਨ ਬੰਦ ਕਰ ਦਿੱਤੀ ਗਈ ਹੈ, 2004 ਤੋਂ ਬਾਅਦ ਨਵੇਂ ਮੁਲਾਜ਼ਮਾਂ ਨੂੰ ਇਹ ਪੈਨਸ਼ਨ ਜਾਰੀ ਨਾ ਕਰਨ ਦਾ ਫੈਸਲਾ ਜਾਰੀ ਕੀਤਾ ਹੈ ਉਸ ਦੇ ਖਿਲਾਫ਼ ਮੁਲਾਜ਼ਮ ਜਥੇਬੰਦੀਆਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਤੇ ਅੱਜ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੁਲਾਜ਼ਮ ਜਥੇਬੰਦੀਆਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ, ਜਿਸ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਵੀ ਵੱਖਰੇ ਤੌਰ 'ਤੇ ਸੰਘਰਸ਼ ਕਰ ਰਹੀ ਹੈ।