ਮਾਨਸਾ: ਖੇਤੀ ਕਾਨੂੰਨ ਵਿਰੁੱਧ ਪੰਜਾਬ ਵਿੱਚ ਵੱਡੇ ਪੱਧਰ 'ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਕਿਸਾਨ ਵੱਡੇ ਪੱਧਰ 'ਤੇ ਤਿਆਰੀਆਂ ਵੀ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨਾਂ ਦੀਆਂ 30 ਜਥੇਬੰਦੀਆਂ ਦੀ ਮਾਨਸਾ ਵਿੱਚ ਜ਼ਿਲ੍ਹਾ ਪੱਧਰ ਦੀ ਇੱਕ ਸਾਂਝੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਬਾਰੇ ਈਟੀਵੀ ਭਾਰਤ ਨਾਲ ਭਾਰਤ ਦੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਵਿਸ਼ੇਸ਼ ਗੱਲਬਾਤ ਕੀਤੀ। ਗੱਲਬਾਤ ਦੌਰਾਨ ਕਾਮਰੇਡ ਹਰਦੇਵ ਅਰਸ਼ੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਰਣਨੀਤੀ ਉਲੀਕ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 26-27 ਨਵੰਬਰ ਨੂੰ ਕਿਸਾਨ ਲੱਖਾਂ ਦੀ ਤਾਦਾਦ ਵਿੱਚ ਦਿੱਲੀ ਵੱਲ ਨੂੰ ਕੂਚ ਕਰਨਗੇ।
ਕਾਮਰੇਡ ਅਰਸ਼ੀ ਕਿਹਾ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਨਾ ਹੋਣ ਦਿੱਤਾ ਗਿਆ ਤਾਂ ਕਿਸਾਨ ਦਿੱਲੀ ਨੂੰ ਜਾਂਦੇ ਮੁੱਖ ਰਸਤਿਆਂ ਉੱਪਰ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਕੋਈ ਵੀ ਟਾਕਰਾ ਨਹੀਂ ਚਾਹੁੰਦੀਆਂ ਅਤੇ ਕਿਸਾਨ ਉਸੇ ਜਗ੍ਹਾ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਜਾਰੀ ਹਨ ਤੇ ਦਿੱਲੀ ਨੂੰ ਘੇਰਨ ਦੇ ਲਈ ਵੱਖ-ਵੱਖ ਸੂਬਿਆਂ ਦੇ ਕਿਸਾਨ ਸ਼ਾਮਲ ਹੋਣਗੇ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਦੇ ਵਿੱਚੋਂ ਰਾਸ਼ਨ ਇੱਕਠਾ ਕਰਨ ਦੀ ਮੁਹਿੰਮ ਸ਼ੁਰੂ ਹੈ ਤੇ ਇਸ ਲੜੀ ਦੇ ਤਹਿਤ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਰਾਸ਼ਨ ਲੈ ਕੇ ਜਾਇਆ ਜਾਵੇਗਾ। ਇਸ ਧਰਨੇ ਵਿੱਚ ਔਰਤਾਂ ਦੀ ਵੱਡੇ ਪੱਧਰ ਤੇ ਸ਼ਮੂਲੀਅਤ ਕਰਨਗੀਆਂ ਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੀਆਂ।