ਮਾਨਸਾ: ਖੇਤੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਬੁਢਲਾਡਾ ਆਮਦ ’ਤੇ ਬੁਢਲਾਡਾ ’ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ ਕਿਸਾਨਾਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਵੀ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ।
ਮਾਨ ਸਰਕਾਰ ਨੇ ਮੁਆਵਜ਼ਾ ਦੇਣ ਦਾ ਦਿੱਤਾ ਸੀ ਭਰੋਸਾ: ਕਿਸਾਨ ਆਗੂ ਰਾਮ ਸਿੰਘ ਪਿਛਲੇ ਸਮੇਂ ਦੌਰਾਨ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ। ਇਸੇ ਤਹਿਤ ਕਿਸਾਨਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਵੀ ਕੀਤਾ ਗਿਆ ਸੀ। ਉਸ ਸਮੇਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਵਿਸ਼ਵਾਸ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਵੇਗਾ, ਪਰ 1 ਸਾਲ ਬੀਤ ਚੁੱਕਿਆ ਹੈ, ਅਜੇ ਤੱਕ ਸਰਕਾਰ ਨੇ ਕਿਸਾਨਾਂ ਦੀਆਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਈਆਂ ਫ਼ਸਲਾਂ ਅਤੇ ਗੜੇਮਾਰੀ ਦੇ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਹੈ।
ਲਾਅਰੇ ਲਾਇਆ ਨੂੰ ਬੀਤ ਚੁੱਕਾ ਇੱਕ ਸਾਲ: ਕਿਸਾਨ ਨੇਤਾ ਰਾਮ ਸਿੰਘ ਨੇ ਕਿਹਾ ਕਿ ਇਸ ਵਾਰ ਫਿਰ ਗੁਲਾਬੀ ਸੁੰਡੀ ਦਾ ਨਰਮੇ ਦੀ ਫਸਲ ਉੱਤੇ ਹਮਲਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਦੀ ਫੇਰੀ ਦਾ ਬੁਢਲਾਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿਚ ਮਾਨਸਾ ਜਿਲੇ ਚੋ ਮੁੱਖ ਮੰਤਰੀ ਦਾ ਕੋਈ ਵੀ ਪ੍ਰੋਗਰਾਮ ਸਫਲ ਨਹੀਂ ਹੋਣ ਦੇਣਗੇ।
ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤਿੱਖਾ ਹੋਵੇਗਾ: ਉੱਥੇ ਹੀ, ਕਿਸਾਨ ਨੇਤਾ ਜਗਸੀਰ ਸਿੰਘ ਨੇ ਕਿਹਾ ਕੇ ਅੱਜ ਕਿਸਾਨਾਂ ਵੱਲੋਂ ਸਿਰਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜੇਕਰ ਸਰਕਾਰ ਨੇ ਜਲਦ ਹੀ ਕਿਸਾਨੀ ਮੰਗਾਂ ਨੂੰ ਨਾਲ ਲਾਗੂ ਕੀਤਾ ਤਾਂ ਰੋਸ ਪ੍ਰਦਰਸ਼ਨ ਤੇਜ਼ ਹੋਣਗੇ। ਇਸ ਦੌਰਾਨ ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਰਮੇ ਦੀ ਫ਼ਸਲ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਕੀਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਇਸ ਬਾਰੇ ਫਿਰ ਨਰਮੇ ਦੀ ਫਸਲ ਨਾ ਵਾਹੁਣੀ ਪਵੇ।