ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀ ਖ਼ਿਲਾਫ਼ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਵੀ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੈ। ਮੰਗਲਵਾਰ ਦੇਸ਼ ਭਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਪ੍ਰਦਰਸ਼ਨ ਤਹਿਤ ਜ਼ਿਲ੍ਹੇ ਵਿੱਚ ਵੀ ਡੀਸੀ ਦਫ਼ਤਰ ਦਾ ਘਿਰਾਉ ਕਰਕੇ ਭਰਵੀਂ ਨਾਹਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ ਵਪਾਰੀ ਵਰਗ ਵੀ ਹਾਜ਼ਰ ਰਿਹਾ।
ਮਾਨਸਾ ਵਿਖੇ ਪ੍ਰਦਰਸ਼ਨ ਦੌਰਾਨ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਮੈਡੀਕਲ ਪ੍ਰੈਕਟੀਸ਼ਨਰ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਦੱਸਿਆ ਕਿ ਮੋਦੀ ਸਰਕਾਰ ਕਿਸਾਨਾਂ, ਵਪਾਰੀਆਂ ਤੇ ਮਜ਼ਦੂਰਾਂ ਲਈ ਕਾਲੇ ਕਾਨੂੰਨ ਲੈ ਕੇ ਆਈ ਹੈ ਤੇ ਅੱਜ ਦੇਸ਼ ਭਰ ਦੀਆਂ ਪੰਜ ਸੌ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਲੇ ਕਾਨੂੰਨ ਵਾਪਸ ਲੈ ਲਵੇ।
ਉਨ੍ਹਾਂ ਕਿਹਾ ਕਿ ਇਥੇ ਡੀਸੀ ਦਫ਼ਤਰ ਦੇ ਘਿਰਾਉ ਦੌਰਾਨ ਪੁਲਿਸ ਵੱਲੋਂ ਬੈਰੀਕੇਡ ਵੀ ਲਾਏ ਗਏ ਪਰੰਤੂ ਕਿਸਾਨਾਂ ਨੇ ਬੈਰੀਕੇਡਾਂ ਨੂੰ ਹਟਾ ਕੇ ਡੀਸੀ ਦਫ਼ਤਰ ਦਾ ਮੁਕੰਮਲ ਘਿਰਾਉ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਾਂਤੀਪੂਰਵਕ ਪ੍ਰਦਰਸ਼ਨ ਸੀ ਅਤੇ ਦੁਨੀਆ ਦਾ ਸਭ ਤੋਂ ਵੱਡਾ ਅੰਦੋਲਨ ਹੈ।
ਇਸ ਮੌਕੇ ਧੰਨਾ ਮੱਲ ਗੋਇਲ ਨੇ ਕਿਹਾ ਕਿ ਇਹ ਅੰਦੋਲਨ ਭਾਰਤ ਦੀ ਹੋਂਦ ਨੂੰ ਬਚਾਉਣ ਦਾ ਹੈ ਅਤੇ ਕਿਸਾਨੀ ਨੂੰ ਬਚਾਉਣ ਦਾ ਹੈ। ਮੱਧ ਵਰਗ, ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ ਤੇ ਉਸ ਦੀਆਂ ਗਠਜੋੜ ਪਾਰਟੀਆਂ ਅੰਦੋਲਨ ਨੂੰ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚ ਭਾਵੇਂ ਕਿਸਾਨ ਬੀਮਾਰ ਵੀ ਹੋ ਰਹੇ ਹਨ ਪਰ ਫਿਰ ਵੀ ਉਹ ਜ਼ੋਸ਼ੋ-ਖਰੋਸ਼ ਨਾਲ ਸੰਘਰਸ਼ ਕਰ ਰਹੇ ਹਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਉਦੋਂ ਤੱਕ ਉਨ੍ਹਾਂ ਦਾ ਸਾਥ ਦੇਣਗੇ ਜਦੋਂ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ।