ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਅਤੇ ਬਿਜਲੀ ਐਕਟ ਸੋਧ 2020 ਦੇ ਵਿਰੋਧ ਵਿੱਚ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵੱਲੋਂ ਅਕਾਲੀ-ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਨ ਦੇ ਐਲਾਨ ਦੇ ਚੱਲਦਿਆਂ ਮਾਨਸਾ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਟਰੈਕਟਰਾਂ ਸਮੇਤ ਪਿੰਡ ਖਿਆਲਾ ਕਲਾਂ ਦੇ ਬਾਹਰ ਰੋਕ ਲਿਆ ਗਿਆ। ਕਿਸਾਨਾਂ ਨੇ ਉੱਥੇ ਹੀ ਬਠਿੰਡਾ-ਪਟਿਆਲਾ ਹਾਈਵੇਅ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਅੱਗੇ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਉਦੋਂ ਤੱਕ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸ ਕਿਸਾਨ ਵਿਰੋਧੀ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਵੇਗੀ।
ਉਨ੍ਹਾਂ ਕਿਹਾ ਕਿ ਅੱਜ ਕਿਸਾਨ ਸ਼ਾਂਤਮਈ ਤਰੀਕੇ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਦੇ ਲਈ ਜਾ ਰਹੇ ਸਨ ਪਰ ਮਾਨਸਾ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਨੇ ਬਠਿੰਡਾ ਪਟਿਆਲਾ ਹਾਈਵੇਅ ਰੋਡ ਜਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰੋਡ ਜਾਮ ਕਰਵਾਉਣ ਦੀ ਜ਼ਿੰਮੇਵਾਰ ਮਾਨਸਾ ਪੁਲਿਸ ਹੈ ਕਿਉਂਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਅੱਗੇ ਵਧਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਉਦੋਂ ਤੱਕ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਇੱਥੇ ਹੀ ਜਾਰੀ ਰਹੇਗਾ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਆਪਣੇ ਟਰੈਕਟਰ ਲੈ ਕੇ ਇਸ ਰੋਸ ਪ੍ਰਦਰਸ਼ਨ ਦੇ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਰੋਡ ਜਾਮ ਹੋਣ ਦੀ ਜ਼ਿੰਮੇਵਾਰ ਮਾਨਸਾ ਪੁਲਿਸ ਹੈ।