ਮਾਨਸਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਸਰਕਾਰ ਵਿਰੁੱਧ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਸਾੜੀ ਗਈ ਝੋਨੇ ਦੀ ਪਰਾਲੀ ਤੋਂ ਬਾਅਦ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੀਤੇ ਗਏ ਪਰਚੇ ਰੱਦ ਕਰਵਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ।
ਮਾਨਸਾ ਵਿੱਚ ਅੱਜ ਦੂਜੇ ਦਿਨ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪਰਾਲੀ ਸਾੜਨ ਦੇ ਦਰਜ ਕੀਤੇ ਗਏ ਕਿਸਾਨਾਂ ਦੇ ਮਾਮਲੇ ਤੁਰੰਤ ਰੱਦ ਕੀਤੇ ਜਾਣ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ 'ਤੇ ਪਰਾਲੀ ਨੂੰ ਸਾੜਨ ਦੇ ਦੋਸ਼ ਤਹਿਤ ਪਰਚੇ ਕੀਤੇ ਗਏ ਹਨ। ਇਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਕਿਸਾਨਾਂ 'ਤੇ ਦਰਜ ਕੀਤੇ ਗਏ ਮਾਮਲੇ ਰੱਦ ਨਹੀਂ ਕੀਤੇ ਜਾਂਦੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।