ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਭਰ ਦੇ ਕਿਸਾਨ ਰੇਲਵੇ ਪਟੜੀਆਂ ਤੇ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ 14 ਅਕਤੂਬਰ ਨੂੰ ਬੁਲਾਈ ਗਈ ਦਿੱਲੀ ਚੋਂ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ 15 ਅਕਤੂਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਛੇੜ ਦਿੱਤਾ ਗਿਆ।
ਪੰਜਾਬ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ 14 ਅਕਤੂਬਰ ਨੂੰ ਬੁਲਾਈ ਗਈ ਮੀਟਿੰਗ ਕਿਸਾਨਾਂ ਦੀ ਬੇਸਿੱਟਾ ਰਹੀ ਹੈ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ 15 ਅਕਤੂਬਰ ਨੂੰ ਮੀਟਿੰਗ ਕੀਤੀ ਗਈ ਤੇ ਇਸ ਮੀਟਿੰਗ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਇਸ ਘੋਲ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਭਾਰਤ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਦਿਨ ਮੁਕੰਮਲ ਚੱਕਾ ਜਾਮ ਰਹੇਗਾ ਤੇ 19 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਸਬੰਧੀ ਵੀ ਕਿਸਾਨਾਂ ਵੱਲੋਂ 20 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਤੇ ਲਏ ਗਏ ਫੈਸਲਿਆਂ ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੇਂਦਰ ਸਰਕਾਰ ਦੇ ਖ਼ਿਲਾਫ਼ ਘੋਲ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।
ਕਿਸਾਨ ਨੇਤਾ ਜਗਰਾਜ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨ ਇੱਕ ਅਕਤੂਬਰ ਤੋਂ ਰੇਲਵੇ ਪਟੜੀਆਂ ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ ਕਿਸਾਨਾਂ ਦੇ ਘੋਲ ਜਾਰੀ ਰਹਿਣਗੇ।