ਮਾਨਸਾ: ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਦੇ ਲਈ (compensation for damaged cotton) ਅੱਜ ਵੀ ਕਿਸਾਨ ਜ਼ਿਲ੍ਹਾ ਕਚਹਿਰੀਆਂ ਦੇ ਵਿਚ ਧਰਨੇ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਉਧਰ ਕਿਸਾਨਾਂ ਨੇ 8 ਅਪ੍ਰੈਲ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।
ਜ਼ਿਲ੍ਹਾ ਕਚਹਿਰੀ ਵਿੱਚ ਦਿਨ ਰਾਤ ਦੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ ਅਠਾਈ ਦਿਨਾਂ ਤੋਂ ਜ਼ਿਲ੍ਹਾ ਕਚਹਿਰੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਰਮੇ ਦਾ ਮੁਆਵਜ਼ਾ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹਾੜ੍ਹੀ ਦੀ ਕਟਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਮਜ਼ਦੂਰ ਧਰਨਿਆਂ ’ਤੇ ਅੱਜ ਵੀ ਸਰਕਾਰ ਤੋਂ ਮੁਆਵਜ਼ਾ ਲੈਣ ਦੇ ਲਈ ਬੈਠੇ ਹਨ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹਿਣਗੇ। ਉਥੇ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਬੇਸ਼ੱਕ ਪਿਛਲੇ ਦਿਨੀਂ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ ਗਏ ਸਨ ਪਰ ਅਜੇ ਤੱਕ ਉਹ ਕਿਸਾਨ ਵੀ ਨਰਮਾ ਖ਼ਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਹਨ। ਕਿਸਾਨਾਂ ਨੇ ਕਿਹਾ ਕਿ ਅੱਜ ਵੀ ਐਸਡੀਐਮ ਮਾਨਸਾ ਦੇ ਨਾਲ ਮੀਟਿੰਗ ਹੋਈ ਹੈ ਅਤੇ ਮਜ਼ਦੂਰਾਂ ਨੂੰ ਵੀ ਜਲਦ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਦੌਰਾਨ ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ 8 ਅਪ੍ਰੈਲ ਨੂੰ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਗ ਰੱਖੀ ਜਾਵੇਗੀ ਕਿ ਜਦੋਂ ਤੱਕ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਸਰਕਾਰ ਦੇ ਖਿਲਾਫ਼ ਝੰਡਾ ਇਸੇ ਤਰ੍ਹਾਂ ਬੁਲੰਦ ਰਹੇਗਾ।
ਇਹ ਵੀ ਪੜ੍ਹੋ: ਜਾਣੋ ਇਹ ਸਧਾਰਨ ਕਿਸਾਨ ਕਿਉਂ ਬਣਿਆ ਕਿਸਾਨ ਮੇਲੇ ’ਚ ਖਿੱਚ ਦਾ ਕੇਂਦਰ ?