ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ 5 ਦਿਨਾਂ ਲਈ ਪਿੰਡਾਂ ਵਿੱਚ ਧਰਨੇ ਲਗਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕਰ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਵੀਰਵਾਰ ਨੂੰ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਢੋਲ ਮਾਰਚ ਕੱਢਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਬਾਸਮਤੀ ਚੌਲ ਕਿਸਾਨਾਂ ਤੋਂ 20 ਤੋਂ 22 ਰੁਪਏ ਖਰੀਦੇ ਗਏ ਅਤੇ ਸਰਕਾਰ ਹੁਣ ਇਨ੍ਹਾਂ ਚੌਲਾਂ ਨੂੰ ਕੱਢ ਕੇ 100 ਰੁਪਏ ਕਿਲੋ ਵੇਚ ਰਹੀ ਹੈ ਜਿਸ ਕਾਰਨ ਸਰਕਾਰ ਸਾਡੇ ਕਿਸਾਨਾਂ ਮਜ਼ਦੂਰਾਂ ਨੂੰ ਮਾਰਨ ਲੱਗੀ ਹੋਈ ਹੈ।
ਕਿਸਾਨ ਨੇਤਾ ਗੁਰਦੀਪ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 25 ਤੋਂ 29 ਤਰੀਕ ਤੱਕ ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਅਕਾਲੀ ਭਾਜਪਾ ਕਾਂਗਰਸ ਦੇ ਕਿਸੇ ਵੀ ਐਮਐਲਏ ਐਮਪੀ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਵਿੱਚ ਇਨ੍ਹਾਂ ਸਰਕਾਰਾਂ ਦਾ ਬਾਈਕਾਟ ਕਰਨਗੇ। ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਐਮਐਲਏ ਐਮਪੀ ਨੇ ਕਿਸਾਨਾਂ ਦੀ ਆਵਾਜ਼ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਨਾ ਚੁੱਕੀ ਤੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਨਾ ਕਰਵਾਇਆ ਤਾਂ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।