ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਅਤੇ ਹੁਣ ਸੰਸਦ ਵਿੱਚ ਪੇਸ਼ ਕੀਤੇ ਗਏ ਬਿੱਲਾਂ ਦੇ ਵਿਰੋਧ ਵਿੱਚ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਮਾਨਸਾ ਵਿੱਚ ਵੀ ਕਿਸਾਨ ਜਥੇਬੰਦੀਆਂ, ਆੜ੍ਹਤੀਏ ਅਤੇ ਮਜ਼ਦੂਰਾਂ ਵੱਲੋਂ ਰਮਦਿੱਤੇ ਵਾਲਾ ਚੌਕ ਵਿੱਚ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਤੁਰੰਤ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਣਗੇ।
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪੰਜਾਬ ਪ੍ਰਧਾਨ ਬੋਬ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਦੇਸ਼ ਭਰ ਦੇ ਵਿੱਚ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਬਿੱਲ ਪਾਰਲੀਮੈਂਟ ਦੇ ਵਿੱਚ ਲਿਆਂਦਾ ਗਿਆ ਹੈ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਬਿਜਲੀ ਸੋਧ ਬਿੱਲ-2020 ਨੂੰ ਵੀ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜੋ ਐੱਮਐੱਸਪੀ ਦੀ ਗੱਲ ਚੱਲ ਰਹੀ ਹੈ ਉਹ ਐੱਮਐੱਸਪੀ ਜਾਰੀ ਰੱਖੀ ਜਾਵੇ ਜਾਂ ਐਮਐਸਪੀ ਬਿੱਲ ਲਿਆਂਦਾ ਜਾਵੇ ਜਿਸ ਦੇ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਨੂੰ ਯਕੀਨੀ ਬਣਾਉਣਾ ਲਾਗੂ ਕੀਤਾ ਜਾਵੇ।
ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਅੱਜ ਉਹ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ 'ਤੇ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦਾ ਆੜ੍ਹਤੀਆਂ ਦੇ ਨਾਲ ਨ੍ਹੌ-ਮਾਸ ਦਾ ਰਿਸ਼ਤਾ ਹੈ ਅਤੇ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਲਿਆ ਕੇ ਕਿਸਾਨ ਮਜ਼ਦੂਰ ਤੇ ਆੜ੍ਹਤੀ ਵਰਗ ਨੂੰ ਖਤਮ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਕੋਈ ਵੀ ਰਾਜਨੀਤਿਕ ਪਾਰਟੀ ਹੋਵੇ ਉਸ ਨੂੰ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਵਰਗ ਦੇ ਹੱਕ ਵਿੱਚ ਆਉਣਾ ਚਾਹੀਦਾ ਹੈ ਤਾਂ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ਦੇ ਵਿੱਚ ਹੋਰ ਵੀ ਵੱਡੇ ਅੰਦੋਲਨ ਹੋਣਗੇ।