ਮਾਨਸਾ: ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਹਾਲੇ ਵੀ ਜਾਰੀ ਹੈ। ਇੱਕ ਪਾਸੇ ਜਿੱਥੇ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਧਰਨਾ ਲਗਾਕੇ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਭੋਪਾਲ ਵਿੱਚ ਰੈਲੀ ਕੀਤੀ ਗਈ।
ਇਸ ਰੈਲੀ ਜ਼ਰੀਏ ਕਿਸਾਨਾਂ ਨੂੰ ਜਾਗਰੂਤ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆ ਹਨ। ਕਿਸਾਨਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।
ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਅਤੇ ਰਾਜ ਸਿੰਘ ਅਕਲੀਆ ਨੇ ਕਿਹਾ, ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪਿੰਡਾਂ ਦੇ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਦੇ ਲਈ ਚੇਤਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਖਰਾਂ ‘ਤੇ ਹੈ, ਅਤੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੇ ਲਈ ਮਜ਼ਬੂਰ ਕਰ ਦਿੱਤਾ ਹੈ, ਅਤੇ ਜਲਦ ਹੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਵੇਗਾ।
ਉਨ੍ਹਾਂ ਨੇ ਕਿਹਾ, ਕਿ ਪਿੰਡਾਂ ਵਿੱਚ ਆ ਰਹੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਵੀ ਕਰੋ, ਪਰ ਉਨ੍ਹਾਂ ਨੂੰ ਸਵਾਲ ਜਵਾਬ ਕਰੋ, ਇਸ ਮੌਕੇ ਉਨ੍ਹਾਂ ਨੇ ਕਿਸੇ ਵੀ ਸਿਆਸੀ ਲੀਡਰ ਨਾਲ ਕੁੱਟ ਮਾਰ ਨਾ ਕਰਨ ਦੀ ਖ਼ਾਸ ਅਪੀਲ ਲੋਕਾਂ ਨੂੰ ਕੀਤਾ ਹੈ।