ਮਾਨਸਾ: ਬੀਤੇ ਦਿਨੀ ਖੇਤੀ ਕਾਨੂੰਨ ਨੂੰ ਲੈ ਕੇ ਕੇਂਦਰ ਨਾਲ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਕੇਂਦਰ ਦੇ ਖਿਲਾਫ ਹੋਰ ਵਧ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ ਅਤੇ ਹੁਣ ਕਿਸਾਨ ਕੇਂਦਰ ਦੇ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹਨ।
ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਵਫ਼ਦ ਦਿੱਲੀ ਬੁਲਾ ਕੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿ ਕੇਂਦਰ ਦਾ ਕੋਈ ਵੀ ਨੁਮਾਇੰਦਾ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਲਈ ਨਹੀਂ ਆਇਆ। ਸਗੋਂ ਕੇਂਦਰ ਸਰਕਾਰ ਆਪਣੇ ਆਗੂਆਂ ਨੂੰ ਪੰਜਾਬ ਵਿੱਚ ਭੇਜ ਕੇ ਕਾਨੂੰਨਾਂ ਦੇ ਫਾਇਦੇ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਦਾ ਜਵਾਬ ਦੇਣ ਦੇ ਲਈ ਕਿਸਾਨ ਹੁਣ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਕਿਸਾਨਾਂ ਦੇ ਖੂਨ ਦੀਆਂ ਨਦੀਆਂ ਵਗ ਜਾਣ ਪਰ ਕੇਂਦਰ ਸਰਕਾਰ ਦੇ ਹੁਣ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਕਿਸਾਨ ਦਮ ਲੈਣਗੇ।
ਉੱਥੇ ਹੀ ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਵਫ਼ਦ ਨੂੰ ਦਿੱਲੀ ਬੁਲਾ ਕੇ ਕਿਸਾਨਾਂ ਦਾ ਅਪਮਾਨ ਕੀਤਾ ਹੈ, ਜਦੋਂ ਕਿ ਕਿਸਾਨ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਤਾਂ ਇਸ ਦੌਰਾਨ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਅਜਿਹਾ ਰਵੱਈਆ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਸਰਕਾਰ ਦਾ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ ਜੇਕਰ ਅੰਬਾਨੀ ਜਾਂ ਅਡਾਨੀ ਨੇ ਕੋਈ ਮੀਟਿੰਗ ਬੁਲਾਈ ਹੁੰਦੀ ਤਾਂ ਮੋਦੀ ਖੁਦ ਚੱਲ ਕੇ ਉਸ ਮੀਟਿੰਗ ਦਾ ਹਿੱਸਾ ਬਣਦੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 25 ਜੂਨ ਤੋਂ ਹੀ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੀ ਹੈ ਅਤੇ ਹੁਣ ਵੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ।