ਮਾਨਸਾ: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਜਿੱਥੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵਲੋਂ ਸੰਘਰਸ਼ ਕੀਤੇ ਜਾ ਰਹੇ ਹਨ, ਉਥੇ ਹੀ ਪੰਜਾਬ ਅੰਦਰ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਮਾਨਸਾ ਰੇਲਵੇ ਪਾਰਕ 'ਚ ਕਿਸਾਨਾਂ ਦਾ ਧਰਨਾ 243ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਜਿਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵਲੋਂ ਨੰਗੇ ਧੜ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਦਾ ਕਹਿਣਾ ਕਿ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਕਿਸਾਨਾਂ ਦਾ ਕਹਿਣਾ ਕਿ ਖੇਤੀ ਕਾਨੂੰਨਾਂ ਖਿਲਾਫ਼ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਸੰਘਰਸ਼ ਜਾਰੀ ਹੈ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ।
ਕਿਸਾਨਾਂ ਨੇ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੀ ਪੰਜ ਜੂਨ ਨੂੰ ਉਨ੍ਹਾਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਨੂੰ ਲੈ ਕੇ ਪਿੰਡਾਂ ਵਿੱਚ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਲੋਕਾਂ ਨੂੰ ਖੇਤੀ ਕਾਨੂੰਨਾਂ ਤੋਂ ਜਾਗਰੂਕ ਕਰਵਾਇਆ ਜਾ ਰਿਹਾ ਹੈ।