ਮਾਨਸਾ: ਕੇਂਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਲਿਆਂਦੇ ਜਾ ਰਹੇ ਐਮਐਸਪੀ ਆਰਡੀਨੈਂਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕੇਂਦਰ ਸਰਕਾਰ ਇੱਕ ਮੰਡੀ ਇੱਕ ਦੇਸ਼ ਦਾ ਫ਼ੈਸਲਾ ਕਰਕੇ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਆਪਣੇ ਚਹੇਤੇ ਵਪਾਰੀਆਂ ਨੂੰ ਇਸ ਦਾ ਲਾਭ ਦੇਣਾ ਚਾਹੁੰਦੀ ਹੈ।
ਉਨ੍ਹਾਂ ਨੇ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਇਹ ਫੈਸਲਾ ਕਿਸਾਨ ਵਿਰੋਧੀ ਹੈ ਅਤੇ ਕਿਸਾਨ ਇਸ ਫੈਸਲੇ ਦੇ ਨਾਲ ਸਹਿਮਤ ਨਹੀਂ ਹਨ। ਉਥੇ ਹੀ ਉਨ੍ਹਾਂ ਐਮਐਸਪੀ 'ਤੇ ਬੋਲਦਿਆਂ ਕਿਹਾ ਕਿ ਐਮਐਸਪੀ ਦੇ ਨਾਂਅ 'ਤੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਪੂਤਲੇ ਸਾੜੇ ਜਾ ਰਹੇ ਹਨ।
ਇਹ ਵੀ ਪੜ੍ਹੋ: 'ਮੇਰੇ ਪੁੱਤ ਨੂੰ ਅੰਮ੍ਰਿਤਸਰ ਤੋਂ ਦਿੱਲੀ ਲਿਆਉਣ ਲਈ ਸਰਕਾਰ ਬੱਸ ਦਾ ਕਰੇ ਪ੍ਰਬੰਧ'
ਕਿਸਾਨ ਜਗਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਜਿਸ ਨਾਲ ਕਿਸਾਨਾਂ ਦੇ ਸਿਰ 'ਤੇ ਭਾਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਫ਼ੈਸਲੇ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਉਲੀਕਿਆ ਗਿਆ ਹੈ ਅਤੇ ਕੇਂਦਰ ਸਰਕਾਰ ਤੋਂ ਅਜਿਹੇ ਫ਼ੈਸਲੇ ਰੱਦ ਕਰਵਾਉਣ ਦੇ ਲਈ ਇਹ ਸੰਘਰਸ਼ ਜਾਰੀ ਰਹੇਗਾ।