ਮਾਨਸਾ: ਕਣਕ ਦੀ ਖਰੀਦ ਵਿੱਚ ਤੇਜ਼ੀ ਲਿਆਉਣ, ਕਰਫਿਊ ਵਿੱਚ ਗ਼ਰੀਬਾਂ ਦੀ ਮਦਦ ਕਰਨ ਅਤੇ ਪ੍ਰਾਈਵੇਟ ਹਸਪਤਾਲ ਖਿਲਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਦੇ ਪਿੰਡ ਭੈਣੀ ਬਾਘਾ ਵਿਖੇ ਘਰਾਂ ਦੀਆਂ ਛੱਤਾਂ ਉੱਤੇ ਚੜ੍ਹਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਰੋਨਾ ਬਿਮਾਰੀ ਦੇ ਕਾਰਨ ਛੱਤਾਂ ਉੱਤੇ ਪ੍ਰਦਰਸ਼ਨ ਕਰ ਰਹੇ ਹਾਂ, ਜੇਕਰ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਕਿਸਾਨ ਸੜਕਾਂ ਉੱਤੇ ਆਉਣ ਲਈ ਮਜਬੂਰ ਹੋਣਗੇ।
ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਕਿਸਾਨ ਹਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਚੜ੍ਹ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦੀ ਖਰੀਦ ਵਿੱਚ ਤੇਜ਼ੀ ਲਿਆਵੇ ਕਿਉਂਕਿ ਕਿਸਾਨਾਂ ਨੂੰ ਘਰਾਂ ਵਿੱਚ ਕਣਕ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਕਿਸਾਨਾਂ ਨੂੰ ਕਣਕ ਵੇਚਣ ਲਈ ਪਾਸ ਮੁਹੱਈਆ ਨਹੀਂ ਕਰਵਾਏ ਜਾ ਰਹੇ।
ਉਨ੍ਹਾਂ ਕਿਹਾ ਕਿ ਕਰਫਿਊ ਦੇ ਕਾਰਨ ਕੰਮ ਬੰਦ ਹੋ ਚੁੱਕੇ ਦਿਹਾੜੀਦਾਰਾਂ ਨੂੰ ਸਰਕਾਰ ਰਾਸ਼ਨ ਮੁਹੱਈਆ ਕਰਵਾਏ। ਇਸ ਦੇ ਨਾਲ ਹੀ ਭਿਆਨਕ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਾਲੇ ਜਵਾਬ ਦੇ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ ਜਿਨ੍ਹਾਂ ਦੀ ਮੁਸ਼ਕਿਲ ਦੇ ਹੱਲ ਲਈ ਸਰਕਾਰ ਪ੍ਰਾਈਵੇਟ ਹਸਪਤਾਲ ਤੁਰੰਤ ਖੋਲ੍ਹੇ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਇਨ੍ਹਾਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਤਾਂ ਕਿਸਾਨ ਮਜਬੂਰਨ ਸੜਕਾਂ ਉੱਤੇ ਆਉਣ ਲਈ ਮਜਬੂਰ ਹੋਣਗੇ।