ਮਾਨਸਾ: ਐਂਟੀ ਡਰੱਗ ਟਾਸਕ ਫੋਰਸ ਦੇ ਬੈਨਰ ਹੇਠ ਅੱਜ ਯਾਨੀ ਸੋਮਵਾਰ ਨੂੰ ਪੰਜਾਬ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਕਚਹਿਰੀ ਵਿਖੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਡੀ.ਸੀ ਦਫ਼ਤਰ ਦੇ ਬਾਹਰ ਨਸ਼ਾ ਵਿਰੋਧੀ ਮਹਾ ਰੋਸ ਰੈਲੀ ਕਰਕੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੀਆਂ ਕਿਸਾਨ ਮਜਦੂਰ ਅਤੇ ਸਮਾਜ ਸੇਵੀ ਸੰਗਠਨਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਨਸ਼ੇ ਖਿਲਾਫ ਮੁਹਿੰਮ ਨੂੰ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।
ਨਸ਼ੇ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਕੀਤਾ ਜਾ ਰਿਹਾ ਗ੍ਰਿਫਤਾਰ : ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਨੂੰ ਬੰਦ ਕਰਨ ਦਾ ਨਾਅਰਾ ਦੇ ਕੇ ਸੱਤਾ ਦੇ ਵਿੱਚ ਆਈ ਸੀ, ਪਰ ਅੱਜ ਵੀ ਪੰਜਾਬ ਦੇ ਵਿੱਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੇ ਖਿਲਾਫ ਆਵਾਜ਼ ਚੁੱਕਦਾ ਹੈ, ਤਾਂ ਉਸ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਂਦਾ ਹੈ। ਪਿਛਲੇ ਦਿਨੀਂ ਮਾਨਸਾ ਵਿੱਚ ਵੀ ਨੌਜਵਾਨ ਪਰਵਿੰਦਰ ਸਿੰਘ ਝੋਟੇ ਨੂੰ ਨਸ਼ੇ ਦਾ ਵਿਰੋਧ ਕਰਨ ਦੇ ਚੱਲਦਿਆਂ ਇੱਕ ਮਾਮੂਲੀ ਜਿਹੇ ਮਾਮਲੇ ਵਿੱਚ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ, ਜਦਕਿ ਇਹ ਨਸ਼ੇ ਦੀ ਮੁਹਿੰਮ ਨੂੰ ਦਬਾਉਣ ਦੀ ਇੱਕ ਚਾਲ ਹੈ।
ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ: ਕਿਸਾਨ ਨੇਤਾ ਰਾਜੇਵਾਲ ਨੇ ਕਿਹਾ ਕਿ ਪਹਿਲਾਂ ਸਮੂਹ ਕਿਸਾਨ ਜਥੇਬੰਦੀਆਂ ਨੇ ਰਲ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਦਿੱਲੀ ਵਿੱਚ ਰੱਦ ਕਰਵਾਇਆ ਅਤੇ ਹੁਣ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਪਰਵਿੰਦਰ ਸਿੰਘ ਝੋਟੇ ਨੂੰ ਰਿਹਾਅ ਕਰਵਾਉਣ ਦੇ ਲਈ ਇੱਕ ਮੰਚ ਉੱਤੇ ਆ ਗਈਆਂ ਹਨ। ਜਲਦ ਹੀ ਪਰਵਿੰਦਰ ਸਿੰਘ ਨੂੰ ਰਿਹਾਅ ਕਰਵਾਉਣ ਲਈ ਇਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਦਰਜ ਕੀਤਾ ਜਾਵੇ ਅਤੇ ਉਸ ਉੱਤੇ ਦਰਜ ਕੀਤਾ ਗਿਆ ਮਾਮਲਾ ਰੱਦ ਕੀਤਾ ਜਾਵੇ।