ਮਾਨਸਾ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦੱਸ ਦਈਏ ਕਿਸਾਨਾਂ ਨੂੰ 26 ਮਈ ਨੂੰ ਕਿਸਾਨਾਂ ਦੇ ਦਿੱਲੀ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਹੋ ਗਿਆ ਹੈ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਅੱਜ ਦੇ ਦਿਨ ਨੂੰ ਕਾਲਾ ਦਿਨ ਵੱਜੋਂ ਮਨਾਇਆ ਜਾ ਰਿਹਾ ਹੈ ਨਾਲ ਹੀ ਆਪਣੇ ਘਰ ਦੇ ਉੱਪਰ ਕਾਲੇ ਝੰਡੇ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ’ਚ ਵੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਈਟੀਵੀ ਭਾਰਤ ਨੇ ਕਿਸਾਨ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਨਾਲ ਖਾਸ ਗੱਲਬਾਤ ਕੀਤੀ ਗਈ।
ਸੰਘਰਸ਼ ਰਹੇਗਾ ਲਗਾਤਾਰ ਜਾਰੀ-ਰੁਲਦੂ ਸਿੰਘ ਮਾਨਸਾ
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਾਲਾ ਦਿਨ ਮਨਾਉਣ ਦਾ ਜੋ ਐਲਾਨ ਕੀਤਾ ਗਿਆ ਸੀ ਜਿਸਦੇ ਚੱਲਦੇ ਪੰਜਾਬ ਭਰ ਦੇ ਵਿੱਚ ਲੋਕਾਂ ਵੱਲੋਂ ਆਪਣੇ ਘਰਾਂ ’ਤੇ ਝੰਡੇ ਲਹਿਰਾ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਨਾਲ ਹੀ ਉਨ੍ਹਾਂ ਦੀ ਅਰਥੀਆਂ ਵੀ ਸਾੜੀਆਂ ਗਈਆਂ। ਕਿਸਾਨ ਆਗੂ ਰੁਲਦੂ ਨੇ ਕਿਹਾ ਕਿ ਕਿਸਾਨਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ, ਜਿਸ ਕਾਰਨ ਅੰਦੋਲਨ ਸਿਖਰਾਂ ’ਤੇ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਤੱਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
'ਸੰਯੁਕਤ ਕਿਸਾਨ ਮੋਰਚੇ ਵੱਲੋਂ ਭੇਜੀ ਗਈ ਹੈ ਚਿੱਠੀ'
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੁਣ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਭੇਜੀ ਗਈ ਹੈ ਕਿ ਕਿਸਾਨਾਂ ਨਾਲ ਮੀਟਿੰਗ ਕਰੇ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਇਸ ਤਰ੍ਹਾਂ ਦੀ ਪ੍ਰਤੀਕਿਰਿਆ ਦੇ ਰਹੇ ਸੀ ਕਿ ਕਿਸਾਨ ਆਗੂ ਕੇਂਦਰ ਸਰਕਾਰ ਨਾਲ ਗੱਲ ਨਹੀਂ ਕਰ ਰਹੀ ਹੈ। ਪਰ ਕਿਸਾਨ ਇਸ ਤਰ੍ਹਾਂ ਦਾ ਕੁਝ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਨਹੀਂ ਰਹੀ, ਕਿਸਾਨ ਨੇਤਾਵਾਂ ਵੱਲੋਂ ਇਸ ਲਈ ਕੇਂਦਰ ਨੂੰ ਚਿੱਠੀ ਭੇਜੀ ਗਈ ਹੈ ਤਾਂ ਕਿ ਉਹ ਕਿਸਾਨਾਂ ਦੇ ਨਾਲ ਗੱਲਬਾਤ ਕਰਨ।
ਇਹ ਵੀ ਪੜੋ: LIVE UDPATE: 26 ਮਈ ਕਾਲੇ ਦਿਨ 'ਤੇ ਕਿਸਾਨਾਂ ਨੂੰ ਮਿਲ ਰਿਹਾ ਪੂਰਾ ਸਮਰਥਨ
ਦੀਪ ਸਿੱਧੂ ਵੱਲੋਂ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਬੇਸ਼ੱਕ ਕਿਸਾਨਾਂ ਵੱਲੋਂ ਗੱਦਾਰ ਕਿਹਾ ਗਿਆ ਸੀ ਪਰ 26 ਤੋਂ ਬਾਅਦ ਇੱਕ ਮੀਟਿੰਗ ਕਰਨ ’ਤੇ ਇਹ ਫ਼ੈਸਲਾ ਲਿਆ ਗਿਆ ਸੀ ਕਿ ਕੋਈ ਵੀ ਕਿਸੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ ਪਰ ਹੁਣ ਦੀਪ ਸਿੱਧੂ ਦੇ ਕੁਝ ਚਹੇਤੇ ਉਨ੍ਹਾਂ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤ ਰਹੇ ਹਨ। ਹੁਣ ਉਹ ਵੀ ਇਨ੍ਹਾਂ ਖ਼ਿਲਾਫ਼ ਨਿੱਤਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਆਗੂ ਰੁਲਦੂ ਨੇ ਦੀਪ ਸਿੱਧੂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਆਰਐਸਐਸ ਦੇ ਕਾਰਕੁੰਨ ਦੱਸਿਆ।