ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਸੰਕੇਤਕ ਰੋਸ ਧਰਨਿਆਂ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਸਥਾਨਕ ਭਾਜਪਾ ਆਗੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਐਤਵਾਰ ਨੂੰ ਕਿਸਾਨਾਂ ਵੱਲੋਂ ਧਰਨੇ ਤੋਂ ਪਹਿਲਾਂ ਰੋਸ ਵਿਖਾਵਾ ਕੀਤਾ ਗਿਆ ਅਤੇ ਭਾਜਪਾ ਆਗੂ ਦੇ ਘਰ ਵੱਲ ਚਾਲੇ ਪਾਏ ਗਏ। ਕਿਸਾਨਾਂ ਦੇ ਰੋਸ ਨੂੰ ਵੇਖਦਿਆਂ ਪੁਲਿਸ ਵੱਲੋਂ ਵੀ ਕਿਸਾਨਾਂ ਨੂੰ ਰੋਕਣ ਲਈ ਭਾਜਪਾ ਆਗੂ ਦੀ ਰਿਹਾਇਸ਼ ਅੱਗੇ ਬੈਰੀਕੇਡ ਲਾਏ ਹੋਏ ਸਨ। ਪਰ ਕਿਸਾਨਾਂ ਦੇ ਰੋਹ ਅੱਗੇ ਪੁਲਿਸ ਦੇ ਬੈਰੀਕੇਡ ਸਿਰਫ਼ ਵਿਖਾਵਾ ਹੀ ਸਾਬਤ ਹੋਏ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਬੈਰੀਕੇਡਾਂ ਨੂੰ ਚੁੱਕ ਕੇ ਇੱਕ ਪਾਸੇ ਕਰ ਦਿੱਤਾ ਅਤੇ ਭਾਜਪਾ ਆਗੂ ਦੇ ਘਰ ਅੱਗੇ ਪੁੱਜ ਗਏ। ਇਥੇ ਕਿਸਾਨਾਂ ਨੇ ਧਰਨਾ ਲਾ ਕੇ ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਭਰਵੀਂ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਇਥੇ ਭਾਜਪਾ ਆਗੂਆਂ ਨੇ ਇਹ ਦੱਸਣ ਆਏ ਹਨ ਕਿ ਜੇਕਰ ਉਹ ਕਿਸਾਨਾਂ ਨਾਲ ਹਨ ਤਾਂ ਉਹ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਨਹੀਂ ਤਾਂ ਭਾਜਪਾ ਤੋਂ ਅਸਤੀਫ਼ਾ ਦੇ ਕੇ ਉਨ੍ਹਾਂ ਨਾਲ ਸੰਘਰਸ਼ ਕਰਨ।
ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਨੂੰ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਕਰਨੀਆਂ ਪੈਣ, ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾ ਰਿਹਾ ਹੈ।