ਮਾਨਸਾ: ਪੰਜਾਬ ਭਰ ਵਿੱਚ ਬੀਜੇਪੀ ਵੱਲੋਂ ਖੋਲ੍ਹੇ ਜਾ ਰਹੇ ਜ਼ਿਲ੍ਹਾ ਦਫ਼ਤਰਾਂ ਦਾ ਜੇ ਪੀ ਨੱਢਾ ਵੱਲੋਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤੇ ਜਾਣ ਦਾ ਵਿਰੋਧ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਨਸਾ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਕਿਸਾਨ ਮਜ਼ਦੂਰ ਤੇ ਵਪਾਰੀ ਵਰਗ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੇ ਉਦੋਂ ਤੱਕ ਪੰਜਾਬ ਭਰ ਵਿੱਚ ਬੀਜੇਪੀ ਦਾ ਮੁਕੰਮਲ ਬਾਈਕਾਟ ਰਹੇਗਾ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਬੀਜੇਪੀ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਚੱਲਦਿਆਂ ਚੰਡੀਗੜ੍ਹ ਵਿੱਚ ਹੋਈ 30 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫ਼ੈਸਲਾ ਹੋਇਆ ਹੈ ਕਿ ਪੰਜਾਬ ਵਿੱਚ ਬੀਜੇਪੀ ਦਫਤਰਾਂ ਦਾ ਘਿਰਾਓ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਿਤੇ ਵੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦਫਤਰਾਂ ਦਾ ਉਦਘਾਟਨ ਨਾ ਕੀਤਾ ਜਾਣ ਦਿੱਤਾ ਜਾਵੇ, ਜਿਸ ਦੇ ਚੱਲਦਿਆਂ ਉਨ੍ਹਾਂ ਮਾਨਸਾ ਵਿੱਚ ਬੀਜੇਪੀ ਦੇ ਦਫ਼ਤਰ ਦੇ ਬਾਹਰ ਘਿਰਾਓ ਕੀਤਾ ਹੈ।
ਸੀਪੀਆਈ ਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਬੀਜੇਪੀ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਦਫ਼ਤਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਦਫ਼ਤਰ ਨਾ ਖੋਲ੍ਹਣ ਦੇ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੋ ਕਾਲਾ ਧਨ ਲਿਆਉਣ ਦੀ ਗੱਲ ਕਹੀ ਗਈ ਸੀ ਉਹ ਕਾਲਾ ਧਨ ਆਇਆ ਹੈ ਪਰ ਉਸ ਕਾਲੇ ਧਨ ਦੇ ਨਾਲ ਬੀਜੇਪੀ ਦੇ ਦਫਤਰਾਂ ਨੂੰ ਸਜਾਇਆ ਸਵਾਰਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਗੋਂ ਬੀਜੇਪੀ ਦੀ ਈਡੀ ਵਲੋਂ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਕਾਲੇ ਧਨ ਦਾ ਪਤਾ ਲੱਗ ਸਕੇ ਅਤੇ ਬੀਜੇਪੀ ਵੱਲੋਂ ਦਫ਼ਤਰਾਂ ਤੇ ਲਗਾਏ ਜਾ ਰਹੇ ਕਾਲੇ ਧਨ ਦੀ ਜਾਂਚ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਦਫਤਰ ਦਾ ਉਦਘਾਟਨ ਕਰਨ ਦੇ ਲਈ ਪਹੁੰਚੇ ਉਨ੍ਹਾਂ ਦੇ ਚਾਪਲੂਸ ਲੋਕ ਇੱਥੋਂ ਨਾ ਗਏ ਤਾਂ ਇੱਥੇ ਮੁਕੰਮਲ ਪੱਕੇ ਤੌਰ ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਜਾਵੇਗੀ।