ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਇੱਕ ਵਾਰ ਪਹਿਲਾਂ ਵੀ ਮੀਟਿੰਗ ਬੇਸਿੱਟਾ ਰਹਿ ਚੁੱਕੀ ਅਤੇ ਅੱਜ 13 ਨਵੰਬਰ ਨੂੰ ਫਿਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦੇ ਲਈ ਦਿੱਲੀ ਬੁਲਾਇਆ ਗਿਆ ਹੈ, ਜਿਸ ਦੇ ਲਈ ਅਜੇ ਤੱਕ ਮੀਟਿੰਗ ਕਿਸਾਨਾਂ ਦੀ ਕੇਂਦਰ ਨਾਲ ਜਾਰੀ ਹੈ। ਇਸ ਸਬੰਧੀ ਮਾਨਸਾ ਵਿਖੇ ਈਟੀਵੀ ਭਾਰਤ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਸੰਘਰਸ਼ ਨੂੰ ਜਾਰੀ ਰੱਖਣਗੇ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਨਾਲ ਇੱਕ ਵਾਰ ਪਹਿਲਾਂ ਵੀ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿ ਚੁੱਕੀ ਹੈ ਅਤੇ ਅੱਜ ਫਿਰ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ 'ਚ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਕਰਨ ਦੇ ਲਈ ਦਿੱਲੀ ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਅੱਜ ਵੀ ਬੇਸਿੱਟਾ ਰਹੀ ਤਾਂ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਖ਼ਿਲਾਫ਼ ਇਕ ਵੱਡਾ ਅੰਦੋਲਨ ਸ਼ੁਰੂ ਕਰਨਗੇ।
ਉਨ੍ਹਾਂ ਨੇ ਦੱਸਿਆ ਕਿ ਕਿਸਾਨ ਪਹਿਲਾਂ ਹੀ ਕੰਗਾਲ ਨੇ ਤੇ ਕਿਸਾਨ ਇਸ ਵਾਰ ਵੀ ਦੀ ਦਿਵਾਲੀ ਨਹੀਂ ਸਗੋਂ ਕਾਲੀ ਦੀਵਾਲੀ ਦੇ ਰੂਪ ਵਿਚ ਮਨਾਉਣਗੇ ਤੇ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਮਸ਼ਾਲ ਮਾਰਚ ਕੱਢਿਆ ਜਾਵੇਗਾ। ਇਸੇ ਤਰ੍ਹਾਂ ਸ਼ਹਿਰਾਂ ਦੇ ਵਿੱਚ ਵੀ ਵੱਡੀ ਤਾਦਾਦ ਵਿੱਚ ਕਿਸਾਨ ਮਸ਼ਾਲ ਮਾਰਚ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।
ਕਿਸਾਨ ਆਗੂ ਮਨਜੀਤ ਸਿੰਘ ਉਲਕ ਨੇ ਕਿਹਾ ਕਿ ਕਿਸਾਨ ਕਾਲੀ ਦਿਵਾਲੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਦੇ ਰੋਸ ਵੱਜੋਂ ਮਨਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਮੋਦੀ ਸਰਕਾਰ ਦੀ ਗੋਡਣੀਆਂ ਲਵਾ ਦੇਣਗੇ ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।