ਮਾਨਸਾ: ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਅਨਾਜ ਪੈਦਾ ਕਰਦਾ ਹੈ ਪਰ ਜਦ ਉਹੀ ਕਿਸਾਨ ਕਰਜੇ ਦੀ ਮਾਰ ਕਾਰਨ ਖ਼ੁਦਕੁਸ਼ੀਆਂ ਦੇ ਰਾਹ 'ਤੇ ਤੁਰਦਾ ਹੈ ਤਾਂ ਕਿਸੇ ਵੀ ਸਮਾਜ ਲਈ ਇਸ ਤੋਂ ਮੰਦਭਾਗੀ ਗੱਲ ਨਹੀਂ ਹੋ ਸਕਦੀ। ਸਰਕਾਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਦੇ ਸਮਰਥਨ ਮੁੱਲ ਦੇਣ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ।
ਈਟੀਵੀ ਭਾਰਤ ਦੀ ਟੀਮ ਵੱਲੋਂ ਖੁਦਕੁਸ਼ੀ ਕਰ ਚੁੱਕੇ ਪਰਿਵਾਰਾਂ ਦਾ ਦਰਦ ਜਾਨਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਰਜੇ ਚੁੱਕਣੇ ਪੈਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦ ਇਹ ਕਰਜੇ ਨਹੀਂ ਉੱਤਰਦੇ ਤਾਂ ਕਿਸਾਨ ਖ਼ੁਦਕੁਸ਼ੀ ਦੇ ਰਾਹ 'ਤੇ ਤੁਰਦੇ ਹਨ।
ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੇ ਅਜੇ ਵੀ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਅਤੇ ਅਜੇ ਵੀ ਕਰਜੇ ਦੇ ਬੋਝ ਹੋਠ ਜੀਅ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਕਰਜ਼ਾ ਭਰ ਸਕਣ।
ਕਿਸਾਨ ਨੇਤਾ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕਿਸਾਨਾਂ ਦੇ ਖੇਤੀ ਖਰਚੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਕਿਸਾਨ ਨੂੰ ਖੇਤੀ ਵਿੱਚੋਂ ਕੁੱਝ ਵੀ ਨਹੀਂ ਬਚਦਾ, ਜਿਸ ਕਾਰਨ ਕਿਸਾਨ ਦੇ ਸਿਰ ਆੜ੍ਹਤੀਏ ਅਤੇ ਬੈਂਕਾਂ ਦਾ ਕਰਜ਼ਾ ਉਸੇ ਤਰ੍ਹਾਂ ਚੜ੍ਹਿਆ ਰਹਿੰਦਾ ਹੈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਿਸਾਨ ਦਾ ਦਰਦ ਸੁਣਿਆ ਜਾਵੇ ਤਾਂ ਕਿ ਕਿਸਾਨ ਵਰਗ ਨੂੰ ਖੁਦਕੁਸ਼ੀਆਂ ਤੋਂ ਰੋਕਿਆ ਜਾ ਸਕੇ ਅਤੇ ਕਿਸਾਨਾਂ ਨੂੰ ਫਸਲਾਂ ਦੇ ਸਮਰਥਨ ਮੁੱਲ ਦਿੱਤੇ ਜਾਣ।
ਉਧਰ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਦੇ ਵਿੱਚ ਇੱਕ ਕਮੇਟੀ ਬਣਾਈ ਗਈ ਹੈ, ਜੋ ਕਿ ਕਿਸਾਨ ਦੀ ਪੂਰੀ ਰਿਪੋਰਟ ਦੀ ਜਾਂਚ ਕਰਨ ਤੋਂ ਬਾਅਦ ਸੂਬਾ ਪੱਧਰ 'ਤੇ ਉਸ ਦੀ ਰਿਪੋਰਟ ਭੇਜੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਮੁਆਵਜ਼ਾ ਜਾਰੀ ਕੀਤਾ ਜਾਂਦਾ ਹੈ।