ਮਾਨਸਾ: ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਬਦਲਵੀਂ ਖੇਤੀ ਅਪਣਾ ਕੇ 350 ਏਕੜ ਦੇ ਕਰੀਬ ਸਬਜ਼ੀਆਂ ਦੀ ਕਾਸ਼ਤ ਕੀਤੀ ਗਈ ਸੀ ਪਰ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਸਬਜ਼ੀਆਂ ਮੰਡੀ ਵਿੱਚ ਪਹੁੰਚਣੀਆਂ ਵੀ ਮੁਸ਼ਕਿਲ ਹੈ। ਇਸ ਨੂੰ ਲੈ ਕੇ ਮਾਨਸਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਸਬਜ਼ੀਆਂ ਮੰਡੀ ਤੱਕ ਤਾਂ ਪਹੁੰਚਾ ਦਿੱਤੀਆਂ ਪਰ ਮੰਡੀਆਂ ਵਿੱਚ ਕਿਸਾਨਾਂ ਨੂੰ ਸਬਜ਼ੀਆਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਬਜ਼ੀਆਂ 'ਤੇ ਹੋਇਆ ਖਰਚ ਵੀ ਵਾਪਸ ਨਹੀਂ ਮੁੜ ਰਿਹਾ ਜਿਸ ਕਾਰਨ ਕਿਸਾਨਾਂ ਦੀ ਸ਼ਿਮਲਾ ਮਿਰਚ ਦੀ ਫ਼ਸਲ ਦਾ ਤਿੰਨ ਤੋਂ ਚਾਰ ਰੁਪਏ ਪ੍ਰਤੀ ਕਿੱਲੋ ਰੇਟ ਮਿਲ ਰਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਨਿਰਾਸ਼ਾ ਦੇਖੀ ਜਾ ਰਹੀ ਹੈ। ਇਸ ਨੂੰ ਲੈ ਕੇ ਕਿਸਾਨਾਂ ਵੱਲੋਂ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ 'ਚੋਂ ਬਠਿੰਡਾ ਪਟਿਆਲਾ ਹਾਈਵੇ ਉੱਤੇ ਸ਼ਿਮਲਾ ਮਿਰਚ ਸੁੱਟ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਿਸਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪਿੰਡ ਭੈਣੀ ਬਾਘਾ 'ਚੋਂ 350 ਏਕੜ ਦੇ ਕਰੀਬ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਗਈ ਸੀ ਪਰ ਕਰਫਿਊ ਦੇ ਕਾਰਨ ਉਨ੍ਹਾਂ ਨੂੰ ਸਬਜ਼ੀਆਂ ਮੰਡੀਆਂ ਤੱਕ ਪਹੁੰਚਾਉਣ ਵਿੱਚ ਦਿੱਕਤਾਂ ਆ ਰਹੀਆਂ ਸੀ। ਇਸ ਪਰੇਸ਼ਾਨੀ ਦਾ ਹੱਲ ਤਾਂ ਕੱਢ ਦਿੱਤਾ ਗਿਆ ਪਰ ਹੁਣ ਉਨ੍ਹਾਂ ਨੂੰ ਸਬਜ਼ੀ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ।
ਉਨ੍ਹਾਂ ਕਿਹਾ ਕਿ ਜੋ ਸ਼ਿਮਲਾ ਮਿਰਚ 20 ਤੋਂ 25 ਰੁਪਏ ਪ੍ਰਤੀ ਕਿੱਲੋ ਵਿਕਦੀ ਸੀ, ਉਹ ਮਹਿਜ਼ 3 ਤੋਂ 4 ਰੁਪਏ ਪ੍ਰਤੀ ਕਿਲੋ ਖ਼ਰੀਦਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਸਬਜ਼ੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਸਮਰਥਨ ਮੁੱਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਬਜ਼ੀ ਦੀ ਫ਼ਸਲ ਉੱਪਰ ਕੀਤਾ ਹੋਇਆ ਖ਼ਰਚਾ ਵੀ ਵਾਪਸ ਨਾ ਮੁੜਿਆ ਤਾਂ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰਾ ਘਾਟਾ ਪਵੇਗਾ।
ਇਹ ਵੀ ਪੜ੍ਹੋ: ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਸਨਮਾਨ