ਮਾਨਸਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜੰਤਰ ਮੰਤਰ ਤੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਯੂਨੀਅਨ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਮਾਨਸਾ ਦੇ ਪਿੰਡ ਭੈਣੀ ਬਾਘਾ ਪਹੁੰਚੇ। ਉਹਨਾਂ ਕਿਹਾ ਕਿ 22 ਅਗਸਤ ਨੂੰ ਦਿੱਲੀ ਵਿਖੇ ਵੱਡਾ ਇਕੱਠ ਕਰਕੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਪਿੰਡ ਭੈਣੀਬਾਘਾ ਪਹੁੰਚੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਅੰਦੋਲਨ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਐਮ.ਐਸ.ਪੀ. ਦੀ ਗਾਰੰਟੀ ਲਈ ਕਮੇਟੀ ਬਣਾਉਣ, ਕਿਸਾਨਾਂ 'ਤੇ ਦਰਜ ਮਾਮਲੇ ਰੱਦ ਕਰਨ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਇਨ੍ਹਾਂ ਸਾਰੀਆਂ ਮੰਗਾਂ ਨੂੰ ਮੰਨਣ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਕਾਨੂੰਨ ਬਣਾਉਣ ਦੇ ਜਾਰੀ ਕੀਤੇ ਨੋਟੀਫੀਕੇਸ਼ਨ ਵਿਚ ਗਰੰਟੀ ਸ਼ਬਦ ਨਹੀਂ ਲਿਖਿਆ ਗਿਆ, ਜਿਸ ਕਾਰਨ ਹੁਣ ਮਜਬੂਰ ਹੋ ਕੇ ਸਾਨੂੰ ਦੋਬਾਰਾ ਦਿੱਲੀ ਦਾ ਰੁੱਖ ਕਰਨਾ ਪਿਆ ਹੈ, ਜਿਸ ਤਹਿਤ 22 ਅਗਸਤ ਨੂੰ ਦਿੱਲੀ ਵਿਖੇ ਵੱਡਾ ਇਕੱਠ ਕਰਕੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਪਹਿਲਾਂ ਲੁਕਵੇਂ ਢੰਗ ਨਾਲ ਖੇਤੀ ਕਾਨੂੰਨ ਲੈ ਕੇ ਆਈ ਸੀ ਉਸੇ ਤਰ੍ਹਾਂ ਹੁਣ ਲੁਕਵੇਂ ਢੰਗ ਨਾਲ ਬਿਜਲੀ ਸੋਧ ਬਿਲ ਲਿਆਂਦਾ ਗਿਆ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਦੀ ਸਬਸਿਡੀ ਖ਼ਤਮ ਹੋਵੇਗੀ, ਕਿਉਂਕਿ ਸਾਰਾ ਢਾਂਚਾ ਪ੍ਰਾਈਵੇਟ ਹੱਥਾਂ ਵਿਚ ਚਲਾ ਜਾਵੇਗਾ।
ਉਹਨਾਂ ਕਿਹਾ ਕਿ ਬਿਜਲੀ ਸੋਧ ਬਿਲ ਦੇ ਵਿਰੋਧ ਵਿਚ ਦੇਸ਼ ਭਾਰਤ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 17 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ 22 ਅਗਸਤ ਨੂੰ ਦਿੱਲੀ ਵਿਚ ਹੋਣ ਵਾਲੇ ਵੱਡੇ ਇਕੱਠ ਦੀਆਂ ਤਿਆਰੀਆਂ ਵਜੋਂ ਮਾਨਸਾ ਵਿੱਚ ਕਾਨਫਰੰਸ ਕੀਤੀ ਗਈ ਹੈ।
ਬੀਕੇਯੂ ਸਿੱਧੂਪੁਰ ਦੇ ਸੂਬਾ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 22 ਅਗਸਤ ਦੇ ਪ੍ਰੋਗਰਾਮ ਤੋਂ ਬਾਅਦ 23 ਅਗਸਤ ਨੂੰ ਦਿੱਲੀ ਵਿੱਚ ਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੰਨੀ ਅਸਾਨੀ ਨਾਲ ਮੰਨਣ ਵਾਲੀ ਨਹੀਂ ਹੈ ਕਿਉਂਕਿ ਪਹਿਲਾਂ ਵੀ ਦਿੱਲੀ ਵਿੱਚ ਅਸੀਂ 13 ਮਹੀਨੇ ਮੋਰਚਾ ਲਗਾ ਕੇ 800 ਕਿਸਾਨ ਸ਼ਹੀਦ ਕਰਵਾਏ ਸਨ।
ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਰਕਾਰ ਨੂੰ ਤਿੱਖੀ ਲੜਾਈ ਦੇਣੀ ਪਵੇਗੀ ਤੇ ਇਹ ਗੱਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਧਿਆਨ ਵਿੱਚ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਇਨ੍ਹਾਂ ਸਾਰੀਆਂ ਮੰਗਾਂ ਨੂੰ ਲਾਗੂ ਲਈ ਮਜਬੂਰ ਕਰਾਂਗੇ ਕਿਉਂਕਿ ਸਰਕਾਰ ਨੇ ਇਹ ਸਾਰੀਆਂ ਗੱਲਾਂ ਪਹਿਲਾਂ ਮੰਨੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਵਜੋਂ ਇਹ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਸਰਕਾਰ ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਣਾ ਪਵੇਗਾ ਕਿ ਜ਼ਮੀਨਾਂ ਬਚਾਉਣ ਦੀ ਖਾਤਰ ਸਾਨੂੰ ਸੜਕਾਂ ਤੇ ਆਉਣਾ ਪਵੇਗਾ।
ਇਹ ਵੀ ਪੜ੍ਹੋ: ਥੋੜ੍ਹੇ ਸਮੇਂ ਵਿਚ ਹੀ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੇ ਨਾਮ ਕਰਾਂਗਾ ਜਨਤਕ