ਮਾਨਸਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਜੋ ਕਿ ਹੁਣ ਸੰਸਦ ਵਿੱਚੋਂ ਪਾਸ ਹੋਣ ਤੋਂ ਬਾਅਦ ਬਿੱਲ ਬਣ ਚੁੱਕੇ ਹਨ। ਇਨ੍ਹਾਂ ਬਿੱਲਾਂ ਦਾ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਅਤੇ ਵਿਰੋਧੀ ਪਾਰਟੀਆਂ ਲਗਾਤਾਰ ਇਸ ਦੇ ਵਿਰੋਧ ਵਿੱਚ ਸੜਕਾਂ 'ਤੇ ਹਨ। ਇਸ ਸਾਰੇ ਮਸਲੇ 'ਤੇ ਈਟੀਵੀ ਭਾਰਤ ਦੀ ਟੀਮ ਨੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਹੈ। ਇਸੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਬਹਿਣੀਵਾਲ ਵਿੱਚ ਈਟੀਵੀ ਭਾਰਤ ਦੀ ਟੀਮ ਨੇ ਕਿਸਾਨਾਂ ਨਾਲ ਇਨ੍ਹਾਂ ਖੇਤੀ ਆਰਡੀਨੈਂਸਾਂ ਬਾਰੇ ਗੱਲਬਾਤ ਕੀਤੀ।
ਈਟੀਵੀ ਭਾਰਤ ਦੀ ਟੀਮ ਨੇ ਕਿਸਾਨਾਂ ਨੂੰ ਆਰਡੀਨੈੱਸ ਸਬੰਧੀ ਪੁੱਛਿਆ ਤਾਂ ਕਿਸਾਨਾਂ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਖੇਤੀ ਆਰਡੀਨੈਂਸਾਂ ਬਾਰੇ ਪੂਰੀ ਜਾਣਕਾਰੀ ਤਾਂ ਨਹੀਂ ਪਰ ਫਿਰ ਵੀ ਇਹ ਆਰਡੀਨੈਂਸ ਰੱਦ ਹੋਣੇ ਚਾਹੀਦੇ ਨੇ ਕਿਉਂਕਿ ਕਿਸਾਨ ਆਗੂਆਂ ਅਤੇ ਖ਼ਬਰਾਂ ਰਾਹੀਂ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਉਨ੍ਹਾਂ ਦੀਆਂ ਫਸਲਾਂ ਕੌਡੀਆਂ ਦੇ ਭਾਅ ਖਰੀਦੀਆਂ ਜਾਣਗੀਆਂ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਫੌਰੀ ਤੌਰ 'ਤੇ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਥੇ ਹੀ ਪਿੰਡ ਦੇ ਹੋਰ ਕਿਸਾਨਾਂ ਨੇ ਵੀ ਕਿਹਾ ਕਿ ਉਹ ਕਿਸਾਨ ਦੇ ਪੁੱਤ ਨੇ ਅਤੇ ਅੱਜ ਵੀ ਕਿਸਾਨਾਂ ਦੇ ਨਾਲ ਹੀ ਖੜ੍ਹੇ ਹਨ ਤੇ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾ ਕੇ ਹੀ ਹਟਣਗੇ।
ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ 6 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ। ਜਿਸ ਦੇ ਵਿੱਚ ਝੋਨਾ ਅਤੇ ਨਰਮਾ ਲਗਾਇਆ ਹੈ। ਖੇਤੀ ਆਰਡੀਨੈਂਸਾਂ ਬਾਰੇ ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਦੀਆਂ ਫਸਲਾਂ ਦੇ ਸਹੀ ਭਾਅ ਮਿਲ ਰਹੇ ਹਨ ਤੇ ਹੁਣ ਆਰਡੀਨੈਂਸ ਆਉਣ ਦੇ ਨਾਲ ਉਨ੍ਹਾਂ ਨੂੰ ਫ਼ਸਲਾਂ ਦਾ ਵੀ ਪੂਰਾ ਮੁੱਲ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਧਰਨੇ ਵਿੱਚ ਵੀ ਸ਼ਾਮਿਲ ਹੋਣਗੇ ਤੇ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾ ਕੇ ਹੀ ਹਟਣਗੇ।
ਮਾਨਸਾ ਜ਼ਿਲ੍ਹੇ ਦੇ ਪਿੰਡ ਬਹਿਣੀਵਾਲ ਦੇ ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਕਿਸਾਨ ਮਾਰੂ ਹਨ ਕਿਉਂਕਿ ਇਨ੍ਹਾਂ ਵਿੱਚ ਐਮਐਸਪੀ ਦੀ ਗਰੰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਕਿਸਾਨ ਆਗੂਆਂ ਨੂੰ ਇਨ੍ਹਾਂ ਆਰਡੀਨੈਂਸਾਂ ਬਾਰੇ ਜਾਣਕਾਰੀ ਪਿੰਡ ਦੀਆਂ ਸੱਥਾਂ ਵਿੱਚ ਦੇਣੀ ਚਾਹੀਦੀ ਹੈ।