ਮਾਨਸਾ: ਜ਼ਿਲ੍ਹੇ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇਂ ਦੀ ਫਸਲ ਦਾ ਮੁਆਵਜਾ ਦੇਣ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਚੁੱਕੀ ਹੈ। ਫਿਰ ਵੀ ਮੁਆਵਜਾ ਨਾ ਮਿਲਣ ਵਾਲੇ ਕਿਸਾਨਾਂ ਮਜਦੂਰਾਂ ਨੂੰ ਮੁਆਵਜਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ 7 ਕਿਸਾਨ ਜੱਥੇਬੰਦੀਆ ਵੱਲੋਂ ਡੀ.ਸੀ. ਦਫਤਰ ਦੇ ਬਾਹਰ ਧਰਨਾ ਜਾਰੀ ਹੈ।
ਧਰਨੇ ’ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 7 ਅਪ੍ਰੈਲ ਤੱਕ ਬਾਕੀ ਰਹਿੰਦੇ ਕਿਸਾਨਾਂ ਮਜਦੂਰਾਂ ਨੂੰ ਮੁਆਵਜਾ ਨਾ ਦਿੱਤਾ ਗਿਆ ਤਾਂ 8 ਅਪ੍ਰੈਲ ਨੂੰ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਬੀਕੇਯੂ ਡਕੌਂਦਾ ਦੇ ਜਿਲਾ ਸਕੱਤਰ ਮਹਿੰਦਰ ਸਿੰਘ ਨੇ ਕਿਹਾ ਹੈ ਕਿ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ 7 ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਮੁੱਖਮੰਤਰੀ ਵੱਲੋਂ ਮਾਨਸਾ ਵਿੱਚ ਆ ਕੇ ਕੁਝ ਕਿਸਾਨਾਂ ਨੂੰ ਨਰਮੇ ਦੇ ਮੁਆਵਜੇ ਦੇ ਚੈੱਕ ਦਿੱਤੇ ਗਏ ਹਨ, ਪਰ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਹਾਲੇ ਵੀ ਨਰਮੇ ਦੇ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ ਜਦਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕਿਸਾਨਾਂ ਨੂੰ ਲਾਰੇ ਲਗਾਏ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ 7 ਅਪ੍ਰੈਲ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦਿੱਤਾ ਗਿਆ ਤਾਂ 8 ਅਪ੍ਰੈਲ ਨੂੰ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜੋ: ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ