ਮਾਨਸਾ: ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੈ ਜਦੋਂਕਿ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਵਿੱਚ ਆਪਸੀ ਭਾਈਚਾਰੇ ਨੂੰ ਤੋੜਨ ਦੀਆਂ ਚਾਲਾਂ ਚਲ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਵਿਖੇ ਆਪਣੇ ਨਿੱਜੀ ਡਰਾਇਵਰ ਰਹੇ ਨਰੰਜਣ ਸਿੰਘ ਘਰਾਗਣਾ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ।
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਪਾਰਟੀ ਹੈ, ਜੋ ਕਿ ਪੰਜਾਬ ਦੇ ਕਿਸਾਨ ਨੂੰ, ਮਜ਼ਦੂਰ ਨੂੰ, ਵਪਾਰੀ ਨੂੰ, ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀਆਂ ਗਈਆਂ ਹਨ।
ਉਥੇ ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਇਸ ਭਾਈਚਾਰੇ ਨੂੰ ਜੋੜਨ ਦੀ ਕੋਸ਼ਿਸ਼ ਕਰਦਾ ਹੈ।
ਉਥੇ ਉਨ੍ਹਾਂ ਰੂਸ ਅਤੇ ਯੂਕਰੇਨ ਦੀ ਚੱਲ ਰਹੀ ਲੜਾਈ ਦੇ ਦੌਰਾਨ ਫਸੇ ਹੋਏ ਪੰਜਾਬ ਦੇ ਨੌਜਵਾਨਾਂ ਦੀ ਵਤਨ ਵਾਪਸੀ ਦੇ ਲਈ ਵੀ ਤੁਰੰਤ ਕੇਂਦਰ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਕਿ ਉਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਭਾਰਤ ਲਿਆਂਦਾ ਜਾਵੇ।
ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜੇ ਜਾਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਫ਼ੈਸਲੇ ਹਨ ਅਤੇ ਇਸ ਮਾਮਲੇ ਦੇ ਵਿੱਚ ਉਹ ਕੁਝ ਵੀ ਨਹੀਂ ਬੋਲਣਗੇ।
ਇਸ ਉਪਰੰਤ ਜਦੋਂ ਉਨ੍ਹਾਂ ਨੂੰ ਪੰਜਾਬ ਦੇ ਵਿੱਚ ਬੀਜੇਪੀ ਦੇ ਨਾਲ ਦੁਬਾਰਾ ਗੱਠਜੋੜ ਕਰਨ ਦੀਆਂ ਸੰਭਾਵਨਾਵਾਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਕੁਝ ਨਹੀਂ ਕਿਹਾ ਜਾ ਸਕਦਾ।
ਇਹ ਵੀ ਪੜ੍ਹੋ : ਹੋਸਟਲ ਦੀ ਬੈਸਮੇਂਟ ’ਚ ਫਸੇ 500 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੇ ਲਾਈ ਮਦਦ ਦੀ ਗੁਹਾਰ