ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਧਰਨੇ ਦੇ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਉਥੇ ਹੀ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਸੈਂਕੜੇ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜੋ: ਕਿਸਾਨਾਂ ਵਲੋਂ 26 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਨੂੰ ਆਪ ਨੇ ਦਿੱਤਾ ਸਮਰਥਨ
ਕਿਸਾਨ ਆਗੂ ਮਹਿੰਦਰ ਸਿੰਘ ਅਤੇ ਸੁਖਚਰਨ ਸਿੰਘ ਦਾਨੇਵਾਲੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ 26 ਮਈ ਨੂੰ 6 ਮਹੀਨੇ ਦਾ ਸਮਾਂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 6ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਲਈ ਰਾਜ਼ੀ ਨਹੀਂ ਜਿਸ ਦੇ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਮਈ ਨੂੰ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਅਤੇ ਕਾਲੇ ਦਿਨ ਵੱਜੋਂ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ ਕਿਸਾਨ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਦੇ ਵਿਚ ਇਸੇ ਤਰ੍ਹਾਂ ਸੈਂਕੜਿਆਂ ਦੀ ਤਾਦਾਦ ਵਿੱਚ ਸ਼ਾਮਿਲ ਹੁੰਦੇ ਰਹਿਣਗੇ।