ਮਾਨਸਾ: ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਦੀਆਂ ਪਾਰਟੀ ਪ੍ਰਤੀ ਵਿਰੋਧੀ ਗਤੀਵਿਧੀ ਦੇ ਚੱਲਦਿਆਂ ਇੱਕ ਮਤਾ ਪਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ। ਇਸ ਪਾਸ ਮੱਤੇ 'ਚ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਏ ਜਾਣ ਦੀ ਗੱਲ ਆਖੀ ਗਈ ਹੈ। ਕਿਉਂਕਿ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ। ਵਿਧਾਨ ਸਭਾ 2017 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਹਮਾਇਤ ਕਰਨ ਦਾ ਵੀ ਉਨ੍ਹਾਂ 'ਤੇ ਦੋਸ਼ ਲਗਾਇਆ ਗਿਆ ਹੈ।
ਇਸ ਮਾਮਲੇ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਹਮੇਸ਼ਾ ਵਫ਼ਾਦਾਰ ਸਿਪਾਹੀ ਰਹੇ ਹਨ ਤੇ ਹੁਣ ਵੀ ਵਫ਼ਾਦਾਰ ਸਿਪਾਹੀ ਹਨ। ਔਲਖ ਨੇ ਕਿਹਾ ਕਿ ਉਨ੍ਹਾਂ 'ਤੇ ਜੋ ਇਲਜ਼ਾਮ ਲਾਏ ਜਾ ਰਹੇ ਹਨ, ਉਹ ਬੇਬੁਨਿਆਦ ਹਨ ਅਤੇ ਇਨ੍ਹਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ।
ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੇਲ੍ਹਾਂ ਵੀ ਕੱਟੀਆਂ ਹਨ ਅਤੇ ਉਹ ਧਰਮ ਯੁੱਧ ਮੋਰਚਿਆਂ ਵਿੱਚ ਵੀ ਹਿੱਸਾ ਲੈਂਦੇ ਰਹੇ ਹਨ ਅਤੇ ਜੋ ਲੋਕ ਉਨ੍ਹਾਂ 'ਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਕੋਈ ਵੀ ਅਜਿਹੀ ਦੇਣ ਨਹੀਂ ਕਿ ਉਹ ਮੈਨੂੰ ਪਾਰਟੀ 'ਚੋਂ ਬਾਹਰ ਕੱਢ ਸਕਣ। ਉਨ੍ਹਾਂ ਕਿਹਾ, "ਜਿਨ੍ਹਾਂ ਲੋਕਾਂ ਨੇ ਪਾਰਟੀ ਪ੍ਰਧਾਨ ਨੂੰ ਮਤਾ ਪਾ ਕੇ ਭੇਜਿਆ ਹੈ ਜੇ ਮੈਂ ਇੰਨਾ ਹੀ ਮਾੜਾ ਸੀ ਤਾਂ ਫਿਰ ਪਾਰਟੀ ਨੇ ਇੰਨੇ ਸਮੇਂ ਤੋਂ ਮੇਰੇ ਖਿਲਾਫ਼ ਕੋਈ ਐਕਸ਼ਨ ਕਿਉਂ ਨਹੀਂ ਲਿਆ।"
ਸੁਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਦਦ ਕੀਤੀ ਹੈ ਅਤੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਦੇ ਘਰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਨ੍ਹਾਂ ਨਾਲ ਬੈਠਕ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਸੀ ਕਿ ਉਹ ਹਮੇਸ਼ਾ ਪਾਰਟੀ ਦੇ ਨਾਲ ਹਾਂ।"
ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਂਦੀ ਹੈ ਤਾਂ ਉਹ ਦੇਖਣਗੇ ਕਿ ਅੱਗੇ ਕੀ ਕਰਨਾ ਹੈ ਪਰ ਫਿਲਹਾਲ ਉਹ ਅੱਜ ਵੀ ਪਾਰਟੀ ਦੇ ਨਾਲ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਪੂਰਾ ਵਿਸ਼ਵਾਸ ਹੈ ਕਿ ਉਹ ਹਮੇਸ਼ਾ ਆਪਣੇ ਵਫ਼ਾਦਾਰ ਸਿਪਾਹੀ ਨੂੰ ਨਾਲ ਲੈ ਕੇ ਚੱਲਦੇ ਹਨ।