ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੀ ਪੰਜਾਬ ਭਰ ਵਿੱਚ ਰੇਲਵੇ ਟਰੈਕ ਉੱਤੇ ਜਾਮ ਲਾ ਕੇ ਕੇਂਦਰ ਸਰਕਾਰ ਨੂੰ ਆਰਡੀਨੈਂਸ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਅਤੇ ਕਿਸਾਨਾਂ ਨੇ ਕੇਂਦਰ ਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨਾਂ ਦੇ ਸੰਘਰਸ਼ ਹੋਰ ਵੀ ਤੇਜ਼ ਹੋਣਗੇ।
ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾਂ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ। ਇਨ੍ਹਾਂ ਆਰਡੀਨੈਂਸਾਂ ਦੇ ਆਉਣ ਨਾਲ ਕਿਸਾਨ ਮਜ਼ਦੂਰ ਤੇ ਵਪਾਰੀ ਵਰਗ ਖ਼ਤਮ ਹੋ ਜਾਵੇਗਾ ਤੇ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਭਰ ਦੇ ਕਿਸਾਨ ਇਕੱਠੇ ਹੋ ਚੁੱਕੇ ਹਨ ਤੇ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਣਗੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਪਾਸ ਕੀਤੇ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਦੇ ਨਾਲ ਨੌਜਵਾਨ ਵੀ ਇਨ੍ਹਾਂ ਧਰਨਿਆਂ ਦੇ ਵੀ ਸ਼ਾਮਿਲ ਹੋਣ ਲੱਗੇ ਹਨ। ਨੌਜਵਾਨ ਅੱਗੇ ਲੱਗ ਕੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ ਤਾਂ ਕਿ ਕੇਂਦਰ ਸਰਕਾਰ ਉੱਤੇ ਦਬਾਅ ਪਾ ਕੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇੰਨੀ ਹਿੰਮਤ ਨਹੀਂ ਹੈ ਕਿ ਉਹ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਾ ਲਵੇ ਕਿਉਂਕਿ ਕਿਸਾਨਾਂ ਦੇ ਸੰਘਰਸ਼ ਅੱਗੇ ਕਦੇ ਵੀ ਕੋਈ ਸਰਕਾਰ ਨਹੀਂ ਟਿਕੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸੰਘਰਸ਼ ਕਰਕੇ ਮਨਜੀਤ ਧਨੇਰ ਨੂੰ ਰਿਹਾਅ ਕਰਵਾਇਆ ਸੀ। ਹੁਣ ਵੀ ਕਿਸਾਨ ਜਥੇਬੰਦੀਆਂ ਆਪਣਾ ਤਿੱਖਾ ਸੰਘਰਸ਼ ਕਰਕੇ ਕੇਂਦਰ ਸਰਕਾਰ ਤੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਬੰਦ ਤੋਂ ਬਾਅਦ ਕੀ ਹੋਵੇਗੀ ਕਿਸਾਨਾਂ ਦੀ ਅਗਲੀ ਰਣਨੀਤੀ ?