ਮਾਨਸਾ: ਸਥਾਨਕ ਤਾਮਕੋਟ ਜੇਲ੍ਹ 'ਚ ਇੱਕ ਹਵਾਲਾਤੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਥਾਣੇ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮ੍ਰਿਤਕ ਹਵਾਲਾਤੀ ਨੇ ਖੁਦਕੁਸ਼ੀ ਤੋਂ ਪਹਿਲਾ ਇੱਕ ਸੁਸਾਇਡ ਨੋਟ ਲਿੱਖਿਆ ਸੀ, ਜਿਸ ਦੇ ਆਧਾਰ 'ਤੇ ਪੁਲਿਸ ਨੇ ਇੱਕ ਆੜ੍ਹਤੀਏ ਦੇ ਖਿਲਾਫ਼ ਖੁਦਕੁਸ਼ੀ ਕਰਨ ਨੂੰ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬਾਜੇਵਾਲਾ ਦਾ ਰਹਿਣ ਵਾਲਾ ਮ੍ਰਿਤਕ ਚਰਨਜੀਤ ਸਿੰਘ ਇੱਕ ਆੜ੍ਹਤੀਏ ਦੇ ਡਰਾਈਵਰ ਦਾ ਕੰਮ ਕਰਦਾ ਸੀ। ਆੜ੍ਹਤੀਏ ਨੇ ਮੋਬਾਇਲ 'ਚੋਂ 20 ਹਜ਼ਾਰ ਰੁਪਏ ਟਰਾਂਸਫਰ ਕਰਨ ਦੇ ਦੋਸ਼ 'ਚ ਚਰਨਜੀਤ ਸਿੰਘ ਨੂੰ ਜੇਲ੍ਹ ਕਰਵਾ ਦਿੱਤੀ ਸੀ। ਚਰਨਜੀਤ ਸਿੰਘ ਨੇ 18 ਜੂਨ ਨੂੰ ਖੁਦਕੁਸ਼ੀ ਕੀਤੀ ਸੀ ਪਰ ਹਲੇ ਤੱਕ ਆੜ੍ਹਤੀਏ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਦਰ ਦੇ ਬਾਹਰ ਧਰਨਾ ਲਗਾ ਕੇ ਜਲਦ ਹੀ ਆੜ੍ਹਤੀਏ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਮ੍ਰਿਤਕ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਆੜ੍ਹਤੀਏ ਨੇ ਚਰਨਜੀਤ ਸਿੰਘ ਨੂੰ ਝੂਠੇ ਕੇਸ ਵਿਚ ਜੇਲ੍ਹ ਭੇਜ ਦਿੱਤਾ ਸੀ, ਜਿਸ ਕਾਰਨ ਉਹ ਜੇਲ੍ਹ ਵਿੱਚ ਖੁਦਕੁਸ਼ੀ ਕਰ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਆੜ੍ਹਤੀਏ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।