ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕ ਸੋਗ ਚ ਹਨ। ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਸਸਕਾਰ ਤੋਂ ਬਾਅਦ ਕਈ ਰਾਜਨੀਤੀਕ ਆਗੂਆਂ ਵੱਲੋਂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ।
ਜਥੇਦਾਰ ਨੇ ਮੀਡੀਆ ਤੋਂ ਬਣਾਈ ਰੱਖੀ ਦੂਰੀ: ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਵਾਪਸ ਲਈ ਰਵਾਨਾ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੇ ਨਾਲ ਗੱਲਬਾਤ ਨਹੀਂ ਕੀਤੀ।
ਇਨ੍ਹਾਂ ਤੋਂ ਇਲਾਵਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਪਰਿਵਾਰ ਦੇ ਨਾਲ ਖੜੇ ਹਾਂ। ਜੋ ਵੀ ਪਰਿਵਾਰ ਕਹੇਗਾ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।