ਮਾਨਸਾ:ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਖਿਲਾਫ਼ ਦਰਜ ਕੀਤੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਕਿਸਾਨਾਂ ਕਿਹਾ ਕਿ ਜੇ ਛੇਤੀ ਹੀ ਪਰਚੇ ਰੱਦ ਨਾ ਕਿਤੇ ਤਾਂ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ 'ਤੇ ਧੜਾਧੜ ਪਰਚੇ ਦਰਜ ਕੀਤੇ ਗਏ ਹਨ ਜਦੋਂ ਕਿ ਕਿਸਾਨਾਂ ਕੋਲ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਹੋਰ ਕੋਈ ਹੱਲ ਨਹੀਂ ਅਤੇ ਨਾ ਹੀ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਰੱਖ ਰਖਾਵ ਦਾ ਉਸ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਲਈ ਕੋਈ ਸਾਧਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਛੇਤੀ ਹੀ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਡੇਢ ਕਿਲੋ ਹੈਰੋਇਨ ਸਣੇ ਕਾਬੂ
ਦੱਸ ਦੇਈਏ ਕਿ ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਜਲਾਉਣ ਦੇ 3351 ਮਾਮਲੇ ਸਾਹਮਣੇ ਆਏ ਸਨ, ਜਿਸ ਦੇ ਤਹਿਤ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲੇ 141 ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ 834 ਮਾਮਲਿਆਂ ਵਿੱਚ 21 ਲੱਖ 92 ਹਜ਼ਾਰ ਰੁਪਏ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ ਤੇ 836 ਗਿਰਦਾਵਰੀਆਂ ਤੇ ਲਾਲ ਲਕੀਰ ਫੇਰੀ ਗਈ ਹੈ