ਮਾਨਸਾ: ਜ਼ਿਲ੍ਹਾ ਕਚਹਿਰੀ ਦੇ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਜ਼ਦੂਰ ਜਥੇਬੰਦੀਆਂ ਨੇ ਕਿਹਾ ਕਿ ਦੇਸ਼ ਵਿਚ ਦਿਨੋਂ ਦਿਨ ਵਧ ਰਹੀ ਮਹਿੰਗਾਈ ਦੇ ਕਾਰਨ ਮਜ਼ਦੂਰ ਵਿਅਕਤੀ ਦਾ ਚੁੱਲਾ ਤਪਣਾ ਬੰਦ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਵੱਲੋਂ ਚਲਾਈ ਜਾਂਦੀ ਮਗਨਰੇਗਾ ਸਕੀਮ ਦੇ ਅਧੀਨ ਸੌ ਦਿਨ ਰੁਜ਼ਗਾਰ ਦਿੱਤਾ ਜਾਂਦਾ ਹੈ ਉਸ ਨੂੰ ਵਧਾ ਕੇ ਦੋ ਸੌ ਦਿਨ ਦਾ ਰੁਜਗਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੋਂ 12-12 ਘੰਟੇ ਕੰਮ ਲਿਆ ਜਾ ਰਿਹਾ ਹੈ ਅਤੇ ਇਸ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਅੱਠ ਘੰਟੇ ਦਾ ਸਮਾਂ ਨਿਰਧਾਰਿਤ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਰੇਗਾ ਦੇ ਤਹਿਤ ਮਹਿੰਗਾਈ ਹੋਣ ਕਾਰਨ ਸਰਕਾਰ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਤੈਅ ਕਰੇ।
ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜਦੋਂਕਿ ਪਿਛਲੇ ਸਾਲ ਪੰਜਾਬ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਜਦੋਂਕਿ ਮਜ਼ਦੂਰਾਂ ਨੂੰ ਅੱਜ ਤੱਕ ਨਰਮਾ ਚੁਗਾਈ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਸਰਕਾਰ ਵਲੋਂ ਜਾਰੀ ਵੀ ਕਰ ਦਿੱਤਾ ਗਿਆ ਸੀ ਪਰ ਅਧਿਕਾਰੀ ਆਪਣੇ ਖਾਤਿਆਂ ਵਿੱਚ ਹੀ ਇਹ ਰਾਸ਼ੀ ਰੱਖੀ ਬੈਠੇ ਹਨ ਪਰ ਮਜ਼ਦੂਰਾਂ ਤਕ ਮੁਆਵਜਾ ਰਾਸ਼ੀ ਨਹੀਂ ਪਹੁੰਚਾਈ ਗਈ।
ਮਜ਼ਦੂਰਾਂ ਨੇ ਕਿਹਾ ਕਿ ਇਸ ਤਰ੍ਹਾਂ ਹੋਰ ਵੀ ਮਜ਼ਦੂਰਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ ਜਿਨ੍ਹਾਂ ਨੂੰ ਲੈ ਕੇ ਦੇਸ਼ ਭਰ ਦੇ ਵਿੱਚ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਜੇਕਰ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮਜ਼ਦੂਰਾਂ ਦਾ ਸਰਕਾਰਾਂ ਦੇ ਖਿਲਾਫ਼ ਰੋਸ ਹੋਰ ਵਧੇਗਾ।
ਇਹ ਵੀ ਪੜ੍ਹੋ: ਪਲਾਸਟਿਕ ਦੀ ਵਰਤੋਂ ਖਿਲਾਫ਼ ਮੁੱਖ ਮੰਤਰੀ ਦੀ ਅਗਵਾਈ ਵਿੱਚ 5 ਅਗਸਤ ਤੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ: ਮੀਤ ਹੇਅਰ