ਮਾਨਸਾ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਤੋਂ ਪਰਤ ਰਹੀ ਮਜ਼ਦੂਰ ਆਗੂ ਮਲਕੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦੇਣ ਦੀ ਸਬੰਧੀ ਪ੍ਰਸ਼ਾਸਨ ਵਲੋਂ ਭਰੋਸਾ ਦਵਾਇਆ ਗਿਆ ਹੈ ਜਿਸ ਤੋਂ ਬਾਅਦ ਮੰਗਲਵਾਰ ਨੂੰ ਮ੍ਰਿਤਕ ਮਲਕੀਤ ਕੌਰ ਦਾ ਅੰਤਿਮ ਸਸਕਾਰ ਕੀਤਾ ਗਿਆ।
ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਭਗਵੰਤ ਸਮਾਓ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ਵਾਸ ਦਵਾਉਂਦੇ ਹੋਏ ਭੋਗ ਰਸਮ ਤੋਂ ਪਹਿਲਾਂ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤੇ ਜਾਣ ਦੀ ਗੱਲ ਆਖੀ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਜਾਵੇਗੀ ਕਿ ਬਾਕੀ ਮੰਗਾਂ ਵੀ ਜਲਦ ਪੂਰੀਆ ਕੀਤੀਆ ਗਈਆਂ।
'ਕਿਸਾਨਾਂ ਦੀ ਮੌਤ ਲਈ ਮੋਦੀ ਸਰਕਾਰ ਜ਼ਿੰਮੇਵਾਰ'
ਦੱਸ ਦਈਏ ਕਿ ਮ੍ਰਿਤਕ ਮਹਿਲਾ ਦੀ ਪਛਾਣ 70 ਸਾਲਾ ਮਲਕੀਤ ਕੌਰ ਵਾਰਡ ਨੰਬਰ 7 ਦੀ ਵਸਨੀਕ ਵਜੋਂ ਹੋਈ ਹੈ। ਮ੍ਰਿਤਕਾ ਮਜ਼ਦੂਰ ਮੁਕਤੀ ਮੋਰਚਾ ਸੰਗਠਨ ਨਾਲ ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਗਈ ਸੀ। ਮਲਕੀਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਇਲਾਕੇ 'ਚ ਸੋਗ ਦਾ ਮਾਹੌਲ ਹੈ।
ਆਗੂ ਭਗਵੰਤ ਸਮਾਓ ਨੇ ਦੱਸਿਆ ਕਿ ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤਦੇ ਹੋਏ ਹਰਿਆਣਾ, ਫ਼ਤਿਹਾਬਾਦ 'ਚ ਲੰਗਰ ਖਾਣ ਦੇ ਲਈ ਸੜਕ ਪਾਰ ਕਰਦੇ ਸਮੇਂ ਮਲਕੀਤ ਕੌਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ: 31 ਦਸੰਬਰ ਨੂੰ ਦਿੱਲੀ ਵਿੱਚ ਟ੍ਰੈਕਟਰ ਰੈਲੀ: ਕਿਸਾਨ ਆਗੂ ਲੱਖੋਵਾਲ