ਮਾਨਸਾ: ਕਾਂਗਰਸ ਵੱਲੋਂ ਜ਼ਿਲ੍ਹਾ ਕਚਹਿਰੀ ਵਿਖੇ ਭਗਵਾਨ ਵਾਲਮੀਕ ਜਯੰਤੀ, ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਨੂੰ ਕਿਸਾਨ ਅਧਿਕਾਰ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਕਾਂਗਰਸੀਆਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀਆਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਜਾਂ ਰਹੇ ਨਿੱਤ ਨਵੇਂ ਕਾਨੂੰਨ ਨੂੰ ਕਿਸਾਨ, ਮਜ਼ਦੂਰ ਅਤ ਵਪਾਰੀ ਵਿਰੋਧੀ ਦੱਸਿਆ ਹੈ।
ਕਾਂਗਰਸੀ ਆਗੂ ਮਨੋਜ ਬਾਲਾ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਭਗਵਾਨ ਬਾਲਮੀਕ ਜਯੰਤੀ, ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਨੂੰ ਕਿਸਾਨ ਅਧਿਕਾਰ ਦਿਵਸ ਵਜੋਂ ਮਨਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਦੀ ਸਾਡੇ ਸਮਾਜ ਨੂੰ ਬਹੁਤ ਵੱਡੀ ਦੇਣ ਹੈ ਉਥੇ ਹੀ ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਬੋਲਦਿਆ ਕਿਹਾ ਕਿ ਮੋਦੀ ਸਰਕਾਰ ਵੱਲੋਂ ਨਿੱਤ ਨਵੇਂ ਕਾਨੂੰਨ ਲਿਆ ਕੇ ਪੰਜਾਬ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਵਰਗ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਨੂੰਨ ਮੋਦੀ ਸਰਕਾਰ ਦੇ ਪਤਨ ਦੀ ਸ਼ੁਰੂਆਤ ਹੈ। ਬੀਬੀ ਮਨੋਜ ਬਾਲਾ ਨੇ ਕਿਹਾ ਕਿ ਹੁਣ ਮੋਦੀ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜੁਰਮਾਨਾ ਤੇ ਪੰਜ ਸਾਲ ਤੱਕ ਦੀ ਸਜ਼ਾ ਦਾ ਜੋ ਕਾਨੂੰਨ ਲਿਆਂਦਾ ਗਿਆ ਹੈ ਉਸ ਦੀ ਵੀ ਉਹ ਨਿੰਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਇੱਕ ਕਰੋੜ ਰੁਪਿਆ ਭਰਨ ਦੇ ਲਈ ਯੋਗ ਹੋਣ ਤਾਂ ਕਿਸਾਨ ਖ਼ੁਦ ਹੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੇ ਸੰਦ ਕਿਉਂ ਨਾ ਖਰੀਦ ਲੈਣ। ਉਨ੍ਹਾਂ ਨੇ ਕਿਹਾ ਕਿ ਹੁਣ ਮੋਦੀ ਸਰਕਾਰ ਦਾ ਪਤਨ ਆ ਚੁੱਕਿਆ ਹੈ ਜੇਕਰ ਲੋਕ ਤਖ਼ਤ ਤੇ ਬਿਠਾਉਣਾ ਜਾਣਦੇ ਹਨ ਤਾਂ ਲੋਕ ਤੱਥ ਤੋਂ ਉਤਾਰ ਨਾ ਵੀ ਜਾਣਦੇ ਹਨ।