ਮਾਨਸਾ:ਖੇਤੀ ਮੋਟਰਾਂ ਵਾਲੀ ਬਿਜਲੀ ਘੱਟ ਸਮਾਂ ਦੇਣ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਵਿਖੇ ਐਕਸੀਅਨ ਦਫਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਪਰ ਪੂਰਾ ਸਮਾਂ ਬਿਜਲੀ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿੱਚ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵੱਲੋਂ ਕਿਸਾਨਾਂ ਨੂੰ ਪੂਰਾ ਸਮਾਂ ਬਿਜਲੀ ਨਾ ਦਿੱਤੀ ਗਈ ਤਾਂ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਜਾਰੀ ਰੱਖਿਆ ਜਾਵੇਗਾ।
ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਬਿਜਲੀ ਵਿਭਾਗ ਵੱਲੋਂ 8 ਘੰਟੇ ਬਿਜਲੀ ਦੇਣ ਦੀ ਬਜਾਇ ਮਹਿਜ਼ 2 ਤੋਂ 4 ਘੰਟੇ ਦਿੱਤੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨੀ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰੀ ਵਸ ਐਕਸੀਅਨ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਕਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 10 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਲਈ ਕਿਹਾ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਰਜਬਾਹਿਆਂ ਵਿੱਚ ਪਾਣੀ ਛੱਡਿਆ ਗਿਆ ਅਤੇ ਨਾ ਹੀ ਖੇਤੀ ਮੋਟਰਾਂ ਦੀ ਬਿਜਲੀ ਪੂਰੀ ਦਿੱਤੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਬਿਜਾਈ ਪਛੜ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਅੱਠ ਘੰਟੇ ਬਿਜਲੀ ਦੇਣ ਦਾ ਉਨ੍ਹਾਂ ਨੂੰ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਐਕਸੀਅਨ ਦਫਤਰ ਦਾ ਘਿਰਾਓ ਜਾਰੀ ਰਹੇਗਾ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਮਜਬੂਰੀਵਸ ਪ੍ਰਦਰਸ਼ਨ ਕਰਨਾ ਪਿਆ ਹੈ ਪਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਜੇ ਤੱਕ ਕਿਸਾਨਾਂ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਕਿ ਜੇਕਰ ਐਕਸੀਅਨ ਵੱਲੋਂ ਉਨ੍ਹਾਂ ਦੀ ਗੱਲਬਾਤ ਨਾ ਸੁਣੀ ਗਈ ਤਾਂ ਇਹ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
ਇਹ ਵੀ ਪੜ੍ਹੋ:Agricultural Laws: 2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼: ਕਿਸਾਨ ਆਗੂ