ਮਾਨਸਾ: ਪਿੰਡ ਸੱਦਾ ਸਿੰਘ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠਾਂ ਕਿਸਾਨਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ। ਇਸ ਦੇ ਨਾਲ ਹੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਿਸਾਨਾਂ ਨੇ ਆਮ ਬਜਟ ਨੂੰ ਜੁਮਲਾ ਕਰਾਰ ਦੱਸਿਆ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਆਮ ਬਜਟ ਨੂੰ ਸਰਕਾਰ ਬੇਸ਼ੱਕ ਕਿਸਾਨਾਂ ਦੇ ਲਈ ਵਧੀਆ ਬਜਟ ਦੱਸ ਰਹੀ ਹੈ, ਪਰ ਕਿਸਾਨਾਂ ਨੇ ਇਸ ਬਜਟ ਨੂੰ ਨਕਾਰਦਿਆਂ ਹੋਇਆਂ ਕੇਵਲ ਕਿਸਾਨ ਵਿਰੋਧੀ ਦੱਸਿਆ ਹੈ।
ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਭੈਣੀ ਬਾਘਾ ਅਤੇ ਮੱਖਣ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 'ਚ ਕਿਸਾਨਾਂ ਮਜ਼ਦੂਰਾਂ ਦੇ ਲਈ ਕੁਝ ਵੀ ਨਹੀਂ ਹੈ।
ਮਨਰੇਗਾ ਦੇ ਤਹਿਤ ਮਜ਼ਦੂਰਾਂ ਨੂੰ ਮਿਲਣ ਵਾਲੀ ਮਜ਼ਦੂਰੀ 'ਚੋਂ ਵੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਮਿਲਣ ਵਾਲੀਆਂ ਸਮਰਥਨ ਮੁੱਲ ਤੋਂ ਵੀ ਹੱਥ ਪਿੱਛੇ ਖਿੱਚੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਵੇਲੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਇਹ ਵਾਅਦੇ ਜੁਮਲੇ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਬਜਟ ਕਿਸਾਨ ਮਜ਼ਦੂਰ ਤੇ ਆਮ ਲੋਕਾਂ ਦੇ ਵਿਰੋਧੀ ਹੈ।
ਜ਼ਿਕਰਯੋਗ ਹੈ ਪਿਛਲੇ ਦਿਨੀਂ 1 ਫਰਵਰੀ ਨੂੰ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕੀਤਾ ਸੀ ਜਿਸ ਨੂੰ ਲੈ ਕੇ ਕਿਸਾਨ ਖ਼ੁਸ਼ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਜਟ ਆਮ ਲੋਕਾਂ ਲਈ ਨਹੀਂ ਬਣਿਆ ਸੀ ਜਿਸ ਕਰਕੇ ਉਹ ਇਸ ਦਾ ਵਿਰੋਧ ਕਰਦੇ ਹਨ।