ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈੰਸ ਅਤੇ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਰਾਜੇਵਾਲ ਨੇ ਆਪਣੇ ਟਰੈਕਟਰਾਂ ਸਮੇਤ ਰੋਸ ਪ੍ਰਦਰਸ਼ਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਨਾਲ ਜਿੱਥੇ ਮੰਡੀ ਬੋਰਡ ਖ਼ਤਮ ਹੋਵੇਗਾ ਉੱਥੇ ਹੀ ਕਿਸਾਨਾਂ ਦਾ ਐਮ.ਐਸ.ਪੀ. ਵੀ ਘਟਾਇਆ ਜਾਵੇਗਾ, ਜਿਸ ਨਾਲ ਕਿਸਾਨਾਂ 'ਤੇ ਦੋਹਰੀ ਮਾਰ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਆਉਣ ਵਾਲੇ ਦਿਨਾਂ ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨਗੇ।
ਕਿਸਾਨ ਆਗੂ ਰਾਜਿੰਦਰ ਸਿੰਘ ਮਾਖਾ ਨੇ ਕਿਹਾ ਕਿ ਉਨ੍ਹਾਂ ਨੂੰ ਮਜਬੂਰੀ ਵੱਸ ਆਪਣੇ ਟਰੈਕਟਰ ਲੈ ਕੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਏ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਜਿਸ ਦੇ ਨਾਲ ਕਿਸਾਨ ਸਮੇਤ 82 ਫੀਸਦੀ ਲੋਕਾਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਰਗ ਹੀ ਜ਼ਿਆਦਾ ਡੀਜ਼ਲ ਦੀ ਖਪਤ ਕਰਦਾ ਹੈ ਪਰ ਸਰਕਾਰ ਲਗਾਤਾਰ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੀਜ਼ਲ ਦੀਆਂ ਕੀਮਤਾਂ ਘੱਟ ਨਾ ਕੀਤੀਆਂ ਗਈਆਂ ਤਾਂ ਕਿਸਾਨ ਮਜਬੂਰੀ ਵੱਸ ਆਪਣੇ ਟਰੈਕਟਰ ਸਰਕਾਰ ਨੂੰ ਸੌਂਪ ਦੇਣਗੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਅੰਦੋਲਨ ਸ਼ੁਰੂ ਕਰਨਗੇ।