ਮਾਨਸਾ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਮਾਨਸਾ ਪਟਿਆਲਾ ਰੋਡ ਤੇ ਮਾਨਸਾ ਜ਼ਿਲ੍ਹਾ ਦੇ ਭੀਖੀ ਵਿਖੇ ਕਿਸਾਨ ਜਥੇਬੰਦੀਆਂ ਨੇ ਚੱਕਾ ਜਾਮ ਕੀਤਾ।
ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਬਣਾਏ ਹਨ ਜੋ ਕਦੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਬੰਦ ਦੇ ਸੱਦੇ ਉੱਤੇ ਮਾਨਸਾ ਵਿੱਚ 9 ਥਾਵਾਂ ਉੱਤੇ ਮੇਨ ਸੜਕਾਂ ਉੱਤੇ ਜਾਮ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਜਾਮ ਲਗਾ ਕੇ ਮੋਦੀ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਉਹ ਲਾਗੂ ਨਹੀਂ ਹੋਣ ਦੇਣਗੇ। ਇਸ ਦੇ ਨਾਲ ਹੀ ਉਹ 26 ਤੇ 27 ਤਰੀਕ ਨੂੰ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਕਰੋ ਜਾਂ ਮਰੋ ਦੀ ਨੀਅਤ ਨਾਲ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਵਿਖੇ ਗੂੰਜਣਗੇ।
ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਜਿਹੜੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਹਨ ਉਸ ਨਾਲ ਕਿਸਾਨੀ ਉਜੜ ਜਾਵੇਗੀ ਅਤੇ ਜ਼ਮੀਨਾਂ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਕਿਹਾ ਇਨ੍ਹਾਂ ਕਾਨੂੰਨਾਂ ਨਾਲ ਪੰਜਾਬ ਦਾ 70 ਪ੍ਰਤੀਸ਼ਤ ਕਾਰੋਬਾਰ ਉਜੜ ਜਾਵੇਗਾ, ਬੇਰੁਜ਼ਗਾਰੀ ਹੋਰ ਵਧੇਗੀ, ਜਦਕਿ ਪਹਿਲਾਂ ਤੋਂ ਲੱਖਾਂ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ।