ਮਾਨਸਾ: ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਗਏ ਬੱਚਿਆਂ ਦੇ ਮਾਪੇ ਇਨ੍ਹੀਂ ਦਿਨੀਂ ਰੂਸ ਅਤੇ ਯੂਕਰੇਨ ਵਿੱਚ ਹੋ ਰਹੀ ਜੰਗ ਨੂੰ ਲੈ ਕੇ ਸਹਿਮੇ ਹੋਏ ਹਨ। ਉੱਥੇ ਭਾਰਤੀ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਇਸ ਜੰਗ ਦੌਰਾਨ ਭਾਰਤੀ ਵਿਦਿਆਰਥੀ ਦੀ ਮੌਤ ਹੋਣ ਤੋਂ ਬਾਅਦ ਮਾਪਿਆਂ ਵਿੱਚ ਡਰ ਦਾ ਸਹਿਮ ਹੋਰ ਵਧ ਗਿਆ ਹੈ। ਪਰੇਸ਼ਾਨ ਮਾਪਿਆਂ ਵੱਲੋਂ ਭਾਰਤ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਮਾਪਿਆਂ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਿਸ ਲਿਆਂਦਾ ਜਾਵੇ।
ਮਾਨਸਾ ਦੀ ਰਹਿਣ ਵਾਲੀ ਅੰਸ਼ਿਕਾ ਦੇ ਪਿਤਾ ਬਲਵਿੰਦਰ ਸ਼ਰਮਾ ਅਤੇ ਮਾਤਾ ਨਿਵੇਦਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਮੈਡੀਕਲ ਦੀ ਪੜ੍ਹਾਈ ਕਰਨ ਦੇ ਲਈ ਯੂਕਰੇਨ ਦੇ ਖੀਵੀ ਖਾਰ ਵਿੱਚ ਗਈ ਹੋਈ ਹੈ। ਮਾਪਿਆਂ ਵੱਲੋਂ ਵੀਡੀਓ ਕਾਲ ਰਹੀ ਆਪਣੀ ਬੇਟੀ ਦਾ ਹਾਲ ਜਾਣਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇੰਨ੍ਹੇ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਕੰਮ ਨਹੀਂ ਕੀਤਾ ਕਿ ਉਨ੍ਹਾਂ ਦੇ ਬੱਚੇ ਭਾਰਤ ਆ ਸਕਣ।
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਲਾਰੇ ਲਗਾ ਰਹੀ ਹੈ ਕਿ ਉਹ ਵਿਦਿਆਰਥੀਆਂ ਨੂੰ ਲਿਆਉਣ ਲਈ ਸੰਭਵ ਯਤਨ ਕਰ ਰਹੀ ਹੈ। ਪਰਿਵਾਰਾਂ ਨੇ ਸਰਕਾਰ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਆਸ ਛੱਡ ਦਿੱਤੀ ਹੈ ਕਿ ਉਨ੍ਹਾਂ ਦੇ ਬੱਚੇ ਭਾਰਤ ਆ ਸਕਣਗੇ। ਉਨ੍ਹਾਂ ਕਿਹਾ ਕਿ ਉਹ ਬੇਵੱਸ ਹੋ ਚੁੱਕੇ ਹਨ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਖਤਰੇ ਵਿੱਚ ਹਨ ਅਤੇ ਸਰਕਾਰ ਨੂੰ ਉਨ੍ਹਾਂ ਨੂੰ ਲਿਆਉਣ ਲਈ ਹਰ ਪੱਧਰ ’ਤੇ ਯਤਨ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ: ਰੂਸ ਯੂਕਰੇਨ ਯੁੱਧ ਵਿਚਾਲੇ ਭਾਰਤੀ ਵਿਦਿਆਰਥੀ ਦੀ ਮੌਤ, ਵਿਰੋਧੀ ਪਾਰਟੀਆਂ ਨੇ ਘੇਰੀ ਕੇਂਦਰ ਸਰਕਾਰ