ਮਾਨਸਾ: CPF ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ 24 ਅਗਸਤ ਨੂੰ ਮਹਾਂ ਰੋਸ-ਰੈਲੀ ਕਰਨ ਲਈ ਮਾਨਸਾ ਦੇ ਕਸਬਾ ਭੀਖੀ ਤੋ ਵੱਡਾ ਕਾਫ਼ਲਾ ਰਵਾਨਾ ਹੋਇਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਗੂਆਂ ਨੇ ਦੱਸਿਆ ਪੁਰਾਣੀ ਪੈਨਸ਼ਨ ਬਹਾਲੀ ਲਈ ਪਿਛਲੇ ਸਮੇਂ ਦੌਰਾਨ ਜਥੇਬੰਦੀ ਵੱਲੋਂ ਕੀਤੇ ਰੋਸ ਪ੍ਰਦਰਸ਼ਨਾਂ ਸਦਕਾ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗਾਂ ਹੋਈਆਂ, ਪਰ ਇਹਨਾਂ ਮੀਟਿੰਗਾਂ ਦਾ ਕੋਈ ਸਿੱਟਾ ਅਜੇ ਤੱਕ ਨਹੀਂ ਨਿਕਲ ਸਕਿਆ, ਜਿਸ ਕਾਰਨ ਸੂਬੇ ਭਰ ਦੇ 1 ਲੱਖ 65 ਹਜਾਰ ਦੇ ਕਰੀਬ NPC ਤਹਿਤ ਭਰਤੀ ਰੈਗੂਲਰ ਮੁਲਾਜ਼ਮਾਂ ਅੰਦਰ ਸਖ਼ਤ ਰੋਸ ਹੈ। ਜਿਸਦੇ ਚੱਲਦਿਆਂ ਜਥੇਬੰਦੀ ਵੱਲੋਂ ਸੂਬਾ ਸਰਕਾਰ ਨੂੰ ਵਾਅਦਾ ਯਾਦ ਦਿਵਾਊ ਰੈਲੀ ਪਟਿਆਲਾ ਵਿਖੇ ਕੀਤੀ ਜਾ ਰਹੀ ਹੈ।
ਇਸ ਰੈਲੀ ਵਿੱਚ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ ਜੀ ,ਰੂਲਦੂ ਸਿੰਘ ਅਤੇ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਉੱਘੀਆਂ ਸ਼ਖਸ਼ੀਅਤਾਂ ਅਤੇ ਗਵਾਂਢੀ ਸੂਬੇ ਹਰਿਆਣਾ, ਹਿਮਾਚਲ, ਉੱਤਰਾਖੰਡ, ਰਾਜਸਥਾਨ ਅਤੇ ਦਿੱਲੀ ਤੋਂ ਨੈਸ਼ਨਲ ਮੂਵਮੈਂਟ ਆਫ ਓਲਡ ਪੈਨਸ਼ਨ ਸਕੀਮ ਦੇ ਆਗੂ ਅਤੇ ਮੈਂਬਰ ਵਿਸ਼ੇਸ਼ ਤੌਰ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਰੈਲੀ ਦਾ ਸਮਰਥਨ ਕਰਨ ਲਈ ਪਹੁੰਚ ਰਹੇ ਹਨ।
ਇਸ ਸਬੰਧੀ ਸਮੂਹ ਮੁਲਾਜ਼ਮਾਂ ਅੰਦਰ ਲੋਕ ਹਿਤੈਸ਼ੀ ਤੇ ਸੰਘਰਸ਼ੀ ਯੋਧਿਆਂ ਨੂੰ ਦੇਖਣ ਅਤੇ ਸੁਣਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਰੈਲੀ ਇੱਕ ਇਤਿਹਾਸਕ ਰੈਲੀ ਹੋਵੇਗੀ।ਪ੍ਰਭਜੋਤ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ 2017 ਨੂੰ ਵੋਟਾਂ ਸਮੇਂ ਮੌਜੂਦਾ ਕਾਂਗਰਸ ਸਰਕਾਰ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਜੀਤ ਪਾਲ ਸਿੰਘ ਦੇ ਘਰ ਜਾ ਕੇ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ।
ਇਸ ਤੋਂ ਇਲਾਵਾ ਸਥਾਨਕ ਸਰਕਾਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਵੀ ਪਟਿਆਲ਼ਾ ਰੈਲੀ ‘ਚ ਸਰਕਾਰ ਬਣਨ ‘ਤੇ ਪੈਨਸ਼ਨ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਕਾਂਗਰਸ ਸਰਕਾਰ ਨੇ ਹਾਲੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਹਲੇ ਵੀ ਮੰਗਾਂ ਤੇ ਗੌਰ ਨਾ ਕੀਤਾ ਤਾਂ ਸੰਘਰਸ਼ ਹੋਰ ਵੀ ਜਿਆਦਾ ਤਿੱਖਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਤੋਂ ਵੀ ਹਜਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਭਰਾਤਰੀ ਜਥੇਬੰਦੀਆਂ ਦੇ ਕਾਫ਼ਲੇ ਇਸ ਰੈਲੀ ਵਿੱਚ ਹਿੱਸਾ ਲਿਆ ਹੈ।