ਮਾਨਸਾ: ਸ਼ਹਿਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮਨਿਸਟਰੀਅਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਹੈ। ਸਰਕਾਰੀ ਮੁਲਾਜ਼ਮਾਂ ਨੇ ਇਹ ਹੜਤਾਲ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਚੱਲਦੇ ਕੀਤੀ ਹੈ। ਮੁਲਾਜ਼ਮਾਂ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਜਾਰੀ ਰੱਖਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਨੇ ਸੂਬਾ ਸਰਕਾਰ ਉੱਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦੇ ਹੋਏ ਕੋਈ ਵੀ ਵਾਅਦਾ ਪੂਰਾ ਨਾ ਕੀਤੇ ਜਾਣ ਦੀ ਗੱਲ ਕਹੀ। ਉਨ੍ਹਾਂ ਆਖਿਆ ਕਿ ਡੀਸੀ ਦਫਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ 6 ਅਗਸਤ ਤੋਂ 14 ਅਗਸਤ ਤੱਕ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ। ਹੁਣ ਡੀਸੀ ਦਫ਼ਤਰ ਦੇ ਸਮੂਹ ਕਰਮਚਾਰੀ ਹੜਤਾਲ ਤੇ ਚਲੇ ਗਏ ਹਨ।
ਸਰਕਾਰੀ ਮੁਲਾਜ਼ਮਾਂ ਨੇ ਡੀਏ ਦੀ ਬਕਾਇਆ ਕਿਸ਼ਤਾਂ ਨੂੰ ਲੈ ਕੇ ਲਗਾਤਾਰ ਹੜਤਾਲ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਗਏ ਸੀ, ਉਹ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਹੁਣ ਤੱਕ ਨਾ ਤਾਂ ਉਨ੍ਹਾਂ ਨੂੰ ਪੇਅ-ਕਮੀਸ਼ਨ ਮਿਲਿਆ ਅਤੇ ਨਾ ਹੀ ਡੀਏ ਦੀ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਚੱਲਦੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਦੇ ਲਈ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ, ਅਤੇ ਹੁਣ ਉਹ ਕਲਮਛੋੜ ਹੜਤਾਲ ਕਰਨ ਲਈ ਮਜ਼ਬੂਰ ਹਨ।
ਇਸ ਸਬੰਧੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਉਨ੍ਹਾਂ ਦੀ ਬੈਠਕ ਬੇਸਿੱਟਾ ਰਹੀ। ਬੀਤੇ ਕੱਲ੍ਹ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਨਾਲ ਬੈਠਕ ਹੋਈ ਸੀ। ਇਸ ਬੈਠਕ 'ਚ ਉਨ੍ਹਾਂ ਖੰਜ਼ਾਨਾ ਮੰਤਰੀ ਨਾਲ 25 ਅਗਸਤ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਗੈਰ ਵਿੱਤੀ ਮੰਗਾਂ ਲਈ ਮਹਿਜ਼ ਭਰੋਸਾ ਦਿੱਤਾ ਗਿਆ ਹੈ। ਮਨਿਸਟਰੀਅਲ ਯੂਨੀਅਨ ਦੇ ਕਰਮਚਾਰੀਆਂ ਨੇ ਕਿਹਾ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਿੱਖਤ ਨੋਟਿਸਫਿਕੇਸ਼ਨ ਨਹੀਂ ਜਾਰੀ ਹੋਵੇਗਾ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ। ਮੰਗਾਂ ਨਾਂ ਮੰਨੇ ਜਾਣ 'ਤੇ 22 ਅਗਸਤ ਨੂੰ ਕਰਮਚਾਰੀਆਂ ਦੀ ਕਰੀਬ 100 ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।