ਮਾਨਸਾ: ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਅੱਜ 1 ਮਈ ਦਾ ਦਿਹਾੜਾ ਮਾਨਸਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਏਡੀਸੀ ਵਿਕਾਸ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਮਾਨਇਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਮਜ਼ਦੂਰ ਮੁਕਤੀ ਮੋਰਚਾ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਮਾਨਸਾ ਵਿਖੇ ਏਡੀਸੀ ਵਿਕਾਸ ਦਫਤਰ ਦੇ ਬਾਹਰ ਧਰਨਾ ਲਗਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਮਜ਼ਦੂਰ ਦਿਵਸ ਉੱਤੇ ਛੁੱਟੀ: ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਜ਼ਦੂਰ ਦਿਵਸ ਉੱਤੇ ਛੁੱਟੀ ਕੀਤੀ ਜਾ ਰਹੀ ਹੈ ਜਦੋਂ ਕਿ ਮਜ਼ਦੂਰ ਅੱਜ ਵੀ ਆਪਣੇ ਕੰਮਾਂ ਉੱਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਮਜਦੂਰ ਦਿਵਸ ਉੱਤੇ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕੀਤਾ ਜਾਵੇ ਅਤੇ ਸਰਕਾਰ ਦੇ ਅਧਿਕਾਰੀ ਪਿੰਡਾਂ ਦੇ ਵਿੱਚ ਜਾ ਕੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਪਰ ਇਥੇ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕੇ ਮਾਰੇ ਜਾ ਰਹੇ ਹਨ।
ਮਜ਼ਦੂਰਾਂ ਦੇ ਹਿੱਤ ਦੀ ਗੱਲ: ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਕਿਰਤ ਕਾਨੂੰਨ ਦੇ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ। ਮਜ਼ਦੂਰ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰ ਦੀ ਹੋਵੇ ਜਾਂ ਪੰਜਾਬ ਦੀ ਕੋਈ ਵੀ ਸਰਕਾਰ ਮਜ਼ਦੂਰਾਂ ਦੇ ਹਿੱਤ ਦੀ ਗੱਲ ਨਹੀਂ ਕਰਦੀ ਹੈ। ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਦੋਂ ਕਿ ਮਜ਼ਦੂਰ ਆਗੂਆਂ ਦੀ ਮੰਗ ਸੀ ਕਿ ਛੁੱਟੀ ਕਰਨ ਦੀ ਬਜਾਏ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ ਵਾਧਾ ਕੀਤਾ ਜਾਵੇ।
ਕਿਰਤ ਦੀ ਲੁੱਟ: ਮਜ਼ਦੂਰ ਆਗੂ ਨੇ ਕਿਹਾ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਏਡੀਸੀ ਵਿਕਾਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਪਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਜੇ ਤੱਕ ਵੀ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਉਹ ਅੱਜ ਵੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹਨ। ਉਨ੍ਹਾਂ ਅੱਗੇ ਕਿਹਾ ਮਜ਼ਦੂਰਾਂ ਦਿਹਾੜੇ ਦੇ ਉੱਤੇ ਸਰਕਾਰ ਵੱਲੋਂ ਛੁੱਟੀ ਕੀਤੀ ਗਈ ਹੈ ਪਰ ਮਜ਼ਦੂਰ ਫਿਰ ਦਿਹਾੜੀ ਲੱਭਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਜਦਕਿ ਸਰਕਾਰੀ ਅਫ਼ਸਰ ਛੁੱਟੀ ਦਾ ਘਰ ਬੈਠ ਕੇ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਹਮੇਸ਼ਾ ਕਾਣੀ ਵੰਡ ਮਿਲਦੀ ਰਹੀ ਹੈ ਅਤੇ ਸਰਕਾਰ ਅੱਜ ਵੀ ਕਿਰਤ ਦੀ ਲੁੱਟ ਕਰਨ ਵਾਲਿਆਂ ਦੇ ਨਾਲ ਹੈ।
ਇਹ ਵੀ ਪੜ੍ਹੋ: Hoshiarpur News: ਗੜ੍ਹਸ਼ੰਕਰ ਨੰਗਲ ਰੋਡ ਪਿੰਡ ਗੜ੍ਹੀ ਮੰਟੋ ਦੀ ਖਸਤਾ ਹਾਲਤ ਸੜਕ ਤੋਂ ਲੋਕ ਡਾਹਢੇ ਪਰੇਸ਼ਾਨ