ਮਾਨਸਾ: ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿੱਚ ਡੇਰਾ ਬਾਬਾ ਕਿਸ਼ੋਰ ਦਾਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸਮਾਜ ਸੇਵੀ ਮਨਜੀਤ ਸਿੰਘ ਅਤੇ ਡੇਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਹਿੱਸਾ ਲਿਆ ਅਤੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਮਾਨਸਾ ਆਪਣੀ ਰਿਆਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਜ਼ਰੂਰਤਮੰਦਾਂ ਦੇ ਲਈ ਮੈਡੀਕਲ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਕੀਤਾ।
ਸਮਾਗਮ 'ਚ ਜ਼ਰੂਰਤਮੰਦਾਂ ਨੂੰ ਸਿਲਾਈ ਮਸ਼ੀਨਾਂ, ਗਰਮ ਕੰਬਲ, ਬੱਚਿਆਂ ਨੂੰ ਬੂਟ ਜੁਰਾਬਾਂ ਅਤੇ ਸਾਹਿਤਕ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਡਾਈਟ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਿਆਂ ਪ੍ਰਤੀ ਵੀ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਉੱਥੇ ਹੀ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਥੇ ਹੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜਿੱਥੇ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਦਿਵਸ ਮਨਾ ਰਹੇ ਹਾਂ ਅਤੇ ਅੱਜ ਉੱਥੇ ਹੀ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੰਦਰਵਾੜਾ ਵੀ ਮਨਾ ਰਹੇ ਹਾਂ ਅਤੇ ਅਜਿਹੇ ਮੌਕੇ ਤੇ ਸਾਨੂੰ ਸਮਾਜ ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦੇਣ ਲਈ ਜ਼ਰੂਰਤਮੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ।