ਮਾਨਸਾ: ਲੋਕਾਂ ਨੂੰ ਸਿਹਤਮੰਦ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਮਨਰੇਗਾ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਪਾਰਕਾਂ ਦਾ ਨਿਰਮਾਣ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਜਿਲ੍ਹਾ ਕੁਆਰਡੀਨੇਟਰ ਮਨਰੇਗਾ ਨੇ ਦੱਸਿਆ ਕਿ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮਾਨਮਾ 'ਚ ਖੇਡ ਮੈਦਾਨਾਂ ਅਤੇ ਪਾਰਕ ਬਣਾਉਣ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤਕ 28 ਪਾਰਕ ਅਤੇ 21 ਖੇਡ ਮੈਦਾਨ ਬਣ ਕੇ ਤਿਆਰ ਹੋ ਚੁੱਕੇ ਹਨ ਜਦ ਕਿ 37 ਪਾਰਕਾਂ ਅਤੇ 16 ਖੇਡ ਮੈਦਾਨਾਂ ਦਾ ਕੰਮ ਜਾਰੀ ਹੈ। ਗੁਰਮੀਤ ਸਿੰਘ (ਏਡੀਸੀ ਵਿਕਾਸ ਮਾਨਸਾ) ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਮਨਰੇਗਾ ਸਕੀਮ ਅਧੀਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਖਾਲੀ ਪਈ ਥਾਂ ਅਤੇ ਸਾਂਝੀਆਂ ਥਾਵਾਂ 'ਤੇ ਪਾਰਕ ਅਤੇ ਫੁੱਟਬਾਲ ਬਾਸਕਿਟ ਬਾਲ, ਵਾਲੀਬਾਲ, ਕਬੱਡੀ, ਖੋ ਖੋ ਅਤੇ ਅਥਲੈਟਿਕਸ ਦੇ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਸ ਦਾ ਮਕਸਦ ਪਿੰਡਾਂ 'ਚ ਵਾਤਾਵਰਣ ਨੂੰ ਸਾਫ਼ ਬਣਾਉਣ ਲੋਕਾਂ ਨੂੰ ਸੈਰ ਕਰਨ ਦੇ ਲਈ ਸਾਫ਼ ਜਗ੍ਹਾ ਉਪਲੱਬਧ ਕਰਵਾਉਣ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪਾਰਕਾਂ ਅਤੇ ਖੇਡ ਮੈਦਾਨ ਦੇ ਨਿਰਮਾਣ ਨਾਲ ਜਿੱਥੇ ਮਨਰੇਗਾ ਵਰਕਰਾਂ ਨੂੰ ਕੰਮ ਮਿਲ ਰਿਹਾ ਹੈ ਉਥੇ ਹੀ ਪਿੰਡਾਂ ਦੀ ਨੁਹਾਰ ਵੀ ਬਦਲ ਰਹੀ ਹੈ।
ਇਹ ਵੀ ਪੜ੍ਹੋ- ਕੈਪਟਨ ਨੇ ਹੜ੍ਹ ਪ੍ਰਭਾਵਿਤ ਸੂਬਿਆਂ 'ਚ ਪੰਜਾਬ ਨੂੰ ਸ਼ਾਮਲ ਕਰਨ 'ਤੇ ਕੀਤਾ ਕੇਂਦਰ ਦਾ ਧੰਨਵਾਦ
ਗੱਲਬਾਤ ਦੌਰਾਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਖੇਡ ਮੈਦਾਨ ਅਤੇ ਪਾਰਕਾਂ ਦਾ ਨਿਰਮਾਣ ਹੋਣ 'ਤੇ ਵੱਖ-ਵੱਖ ਪਿੰਡਾਂ ਦੇ ਲੋਕ ਵੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਰਕ ਬਣਨ ਨਾਲ ਜਿੱਥੇ ਲੋਕ ਸਿਹਤਮੰਦ ਹੋਣਗੇ ਉੱਥੇ ਹੀ ਖੇਡ ਮੈਦਾਨ ਨਾਲ ਜੁੜ ਕੇ ਨੌਜਵਾਨ ਨਸ਼ੇ ਦੀਆਂ ਅਲਾਮਤਾਂ ਤੋਂ ਦੂਰ ਵੀ ਰਹਿ ਸਕਣਗੇ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਪਿੰਡ ਵਾਸੀਆਂ ਲਈ ਲਾਭਕਾਰੀ ਦੱਸਿਆ ਹੈ।